ਅਕਾਲੀ ਦਲ ਵਲੋਂ ਸਿੱਧੂ ਜੋੜੇ ਖਿਲਾਫ ਮੋਰਚਾਬੰਦੀ : ‘ਸਿੱਧੂ ਨੂੰ ਬਰਖਾਸਤ ਕਰੇ ਕੈਪਟਨ ਤੇ ਨਵਜੋਤ ਕੌਰ ਨੂੰ ਕਰੋ ਗ੍ਰਿਫਤਾਰ’ -ਮਾਮਲੇ ਦੀ ਜਾਂਚ ਹਾਈਕੋਰਟ ਦੇ ਮੌਜ਼ੂਦਾ ਜੱਜ ਤੋਂ ਹੋਵੇ : ਅਕਾਲੀ ਦਲ

PunjabUpdate.Com

ਚੰਡੀਗੜ੍ਹ, 21 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਅੱਜ ਅੰਮ੍ਰਿਤਸਰ ਹਾਦਸੇ ਲਈ ਸਿੱਧੂ ਜੋੜੇ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਸਥਾਨਕ ਸਰਕਾਰ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਤੁਰੰਤ ਬਰਖਾਸਤ ਕਰਨ ਅਤੇ ਨਵਜੋਤ ਕੌਰ ਸਿੱਧੂ ਅਤੇ ਦੁਸਹਿਰਾ ਸਮਾਗਮ ਦੇ ਪ੍ਰਬੰਧਕਾਂ ਖ਼ਿਲਾਫ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।
ਇੱਥੇ ਅਕਾਲੀ ਸੁਪਰੀਮੋ ਪਰਕਾਸ਼ ਸਿੰਘ ਬਾਦਲ ਦੀ ਪ੍ਰਧਾਨਗੀ ਹੋਈ ਕੋਰ ਕਮੇਟੀ ਮੀਟਿੰਗ ਵਿਚ ਕੈਪਟਨ ਸਰਕਾਰ ਵਲੋਂ ਦਿੱਤੇ ਅੰਮ੍ਰਿਤਸਰ ਹਾਦਸੇ ਦੀ ਮੈਜਿਸਟਰੀਅਲ ਜਾਂਚ ਨੂੰ ਹੁਕਮ ਰੱਦ ਕਰਦਿਆਂ ਇਸ ਦੀ ਥਾਂ ਇਸ ਦੁਖਾਂਤਕ ਘਟਨਾ ਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਕਿਸੇ ਮੌਜੂਦਾ ਜੱਜ ਤੋਂ ਨਿਆਂਇਕ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਗਈ।
ਅਕਾਲੀ ਆਗੂਆਂ ਨੇ ਸਿੱਧੂ ਜੋੜੇ ਉਤੇ ਦੋਸ਼ ਲਾਉਂਦਿਆਂ ਕਿਹਾ ਕਿ ਇਸ ਹਾਦਸੇ ਨੂੰ ਸਮਾਗਮ ਦੇ ਪ੍ਰਬੰਧਕਾਂ ਦੀ ਲਾਪਰਵਾਹੀ ਕਰਕੇ ਵਾਪਰਿਆ ‘ਅਣਕਿਆਸਿਆ ਕਹਿਰ’ ਕਰਾਰ ਦਿੰਦਿਆਂ ਕੋਰ ਕਮੇਟੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਿਖੇਧੀ ਕੀਤੀ ਅਤੇ ਮੰਗ ਕੀਤੀ ਕਿ ਇਸ ਮਾਮਲੇ ਵਿਚ ਪੀੜਤ ਪਰਿਵਾਰਾਂ ਦੇ ਬਿਆਨ ਲੈ ਕੇ ਤਾਜ਼ਾ ਕੇਸ ਦਰਜ ਕੀਤਾ ਜਾਵੇ।
ਕੋਰ ਕਮੇਟੀ ਨੇ ਕਿਹਾ ਕਿ ਕਾਂਗਰਸ ਸਰਕਾਰ ਜਿਸ ਤਰ੍ਹਾਂ ਸਮਾਜ ਦੇ ਦੂਜੇ ਵਰਗਾਂ ਨਾਲ ਕਰ ਰਹੀ ਹੈ, ਇੱਥੇ ਵੀ ਦੋਸ਼ੀਆਂ ਨੂੰ ਕਲੀਨ ਚਿਟ ਦੇਣ ਅਤੇ ਸਾਰਾ ਦੋਸ਼ ਭਾਰਤੀ ਰੇਲਵੇ ਉੱਤੇ ਮੜਣ ਲਈ ਇੱਕ ਬੋਗਸ ਜਾਂਚ ਕਰਵਾ ਕੇ ਗਰੀਬਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕੋਰ ਕਮੇਟੀ ਨੇ ਕਿਹਾ ਕਿ ਪੀੜਤ ਪਰਿਵਾਰ ਇਸ ਹਾਦਸੇ ਲਈ ਜ਼ਿੰਮੇਵਾਰ ਕਾਂਗਰਸੀ ਕੌਂਸਲਰ ਅਤੇ ਨਵਜੋਤ ਕੌਰ ਸਿੱਧੂ ਖ਼ਿਲਾਫ ਠੋਸ ਸਬੂਤ ਪੇਸ਼ ਕਰਨ ਲਈ ਤਿਆਰ ਹਨ , ਪਰ ਇਸ ਦੇ ਬਾਵਜੂਦ ਕਾਂਗਰਸ ਸਰਕਾਰ ਵੱਲੋਂ ਮਾਮਲੇ ਨੂੰ ਰਫਾ ਦਫਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਮੇਟੀ ਨੇ ਕਿਹਾ ਕਿ ਕੌਂਸਲਰ ਅਤੇ ਸ੍ਰੀਮਤੀ ਸਿੱਧੂ ਖ਼ਿਲਾਫ ਸਬੂਤ ਜਨਤਕ ਹੋ ਚੁੱਕੇ ਹਨ, ਇਸ ਲਈ ਇਹਨਾਂ ਦੋਵੇਂ ਦੋਸ਼ੀਆਂ ਖ਼ਿਲਾਫ ਕਾਰਵਾਈ ਕਰਨ ਲਈ ਇਹਨਾਂ ਸਬੂਤਾਂ ਨੂੰ ਸਾਹਮਣੇ ਰੱਖਿਆ ਜਾਣਾ ਚਾਹੀਦਾ ਹੈ।  ਕਮੇਟੀ ਨੇ ਕਿਹਾ ਕਿ ਇਹਨਾਂ ਸਾਰੀਆਂ ਗੱਲਾਂ ਨੂੰ ਧਿਆਨ ਵਿਚ ਰੱਖਦਿਆਂ ਇੱਕ ਅਜਿਹੇ ਮੈਜਿਸਟਰੇਟ ਦੁਆਰਾ ਇਸ ਮਾਮਲੇ ਦੀ ਸੁਤੰਤਰ ਅਤੇ ਨਿਰਪੱਖ ਜਾਂਚ ਕੀਤੇ ਜਾਣ ਦੀ ਸੰਭਾਵਨਾ ਨਹੀਂ ਹੈ, ਜੋ ਕਿ ਕੈਬਨਿਟ ਮੰਤਰੀ ਨਵਜੋਤ ਸਿੱਧੂ ਅਤੇ ਉਸ ਦੇ ਪਰਿਵਾਰ ਨੂੰ ਰਿਪੋਰਟ ਕਰ ਰਿਹਾ ਹੈ।  ਕਮੇਟੀ ਨੇ ਇਸ ਮਾਮਲੇ ਬਾਰੇ ਨਵਜੋਤ ਸਿੱਧੂ ਦੇ ਲਾਪਰਵਾਹ ਵਤੀਰੇ ਦੀ ਵੀ ਨਿਖੇਧੀ ਕੀਤੀ। 
ਕੋਰ ਕਮੇਟੀ ਨੇ ਕਿਹਾ ਕਿ ਕਿੰਨੀ ਨਿੰਦਣਯੋਗ ਗੱਲ ਹੈ ਕਿ ਦੁਨੀਆ ਭਰ ਵਿਚ ਇਸ ਹਾਦਸੇ ਦੀ ਕੀਤੀ ਨਿਖੇਧੀ ਅਤੇ ਰਸੂਖਵਾਨ ਦੋਸ਼ੀਆਂ ਨੂੰ ਸਜ਼ਾ ਦਿੱਤੇ ਜਾਣ ਦੀ ਮੰਗ ਉੱਠਣ ਦੇ ਬਾਵਜੂਦ ਸਰਕਾਰ ਕਾਂਗਰਸੀ ਆਗੂਆਂ ਖ਼ਿਲਾਫ ਕਾਰਵਾਈ ਕਰਨ ਤੋਂ ਇਨਕਾਰੀ ਹੈ। 
ਕੋਰ ਕਮੇਟੀ ਨੇ ਇੱਕ ਮਤਾ ਪਾਸ ਕਰਦਿਆਂ ਹਰ ਪੀੜਤ ਪਰਿਵਾਰ ਲਈ ਇੱਕ ਕਰੋੜ ਰੁਪਏ ਦੇ ਮੁਆਵਜ਼ੇ ਅਤੇ ਪੀੜਤਾਂ ਦੇ ਵਾਰਿਸਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ। ਕਮੇਟੀ ਨੇ ਕਿਹਾ ਕਿ ਪੀੜਤਾਂ ਦੇ ਬੱਚਿਆਂ ਨੂੰ ਗੋਦ ਲੈਣ ਲਈ ਇੱਕ ਵੱਖਰਾ ਸਰਕਾਰੀ ਪ੍ਰੋਗਰਾਮ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ।

box
ਕੋਰ ਕਮੇਟੀ ਮੀਟਿੰਗ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਸੀਨੀਅਰ ਆਗੂਆਂ ਜਥੇਦਾਰ ਤੋਤਾ ਸਿੰਘ, ਬਲਵਿੰਦਰ ਸਿੰਘ ਭੂੰਦੜ, ਸਰਦਾਰ ਚਰਨਜੀਤ ਸਿੰਘ ਅਟਵਾਲ, ਨਿਰਮਲ ਸਿੰਘ ਕਾਹਲੋਂ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਜਨਮੇਜਾ ਸਿੰਘ ਸੇਖੋਂ, ਬੀਬੀ ਉਪਿੰਦਰਜੀਤ ਕੌਰ, ਸਿਕੰਦਰ ਸਿੰਘ ਮਲੂਕਾ, ਸਰਦਾਰ ਸ਼ਰਨਜੀਤ ਸਿੰਘ ਢਿੱਲੋਂ, ਬੀਬੀ ਜੰਗੀਰ ਕੌਰ,   ਗੁਲਜ਼ਾਰ ਸਿੰਘ ਰਣੀਕੇ, ਸਰਦਾਰ ਹੀਰਾ ਸਿੰਘ ਜ਼ੀਰਾ, ਬਿਕਰਮ ਸਿੰਘ ਮਜੀਠੀਆ, ਸੁਰਜੀਤ ਸਿੰਘ ਰੱਖੜਾ, ਡਾਕਟਰ ਦਲਜੀਤ ਸਿੰਘ ਚੀਮਾ, ਸਰਦਾਰ ਬਲਦੇਵ ਸਿੰਘ ਮਾਨ ਅਤੇ ਸਰਦਾਰ ਵਿਰਸਾ ਸਿੰਘ ਵਲਟੋਹਾ ਹਾਜ਼ਿਰ ਸਨ।

Read more