ਐਸਐਸਏ, ਰਮਸਾ ਦੇ ਕੱਚੇ ਅਧਿਆਪਕਾਂ ਵਲੋਂ ਰਾਹੁਲ ਦਰਬਾਰ ਅੱਗੇ ਧਰਨਾ- -ਤਨਖਾਹਾਂ ‘ਚ 70 ਫੀਸਦੀ ਕਟੌਤੀ ਨਹੀਂ ਹੋਵੇਗੀ ਬਰਦਾਸ਼ਤ : ਯੂਨੀਅਨ


-ਚੋਣ ਵਾਅਦਾ ਪੂਰਾ ਕਰੋ, ਕੱਚੇ ਅਧਿਆਪਕ ਪੱਕੇ ਕਰੋ :
PunjabUpdate.Com
ਨਵੀਂ ਦਿੱਲੀ, 23 ਸਤੰਬਰ
ਪੰਜਾਬ ‘ਚ ਪਿਛਲੇ ਲੰਬੇ ਸਮੇਂ ਤੋਂ ਐਸਐਸਏ, ਰਮਸਾ ਅਧੀਨ ਠੇਕੇ ‘ਤੇ ਕੰਮ ਕਰਦੇ ਅਧਿਆਪਕਾਂ ਨੇ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ਵਿਰੁੱਧ ਅੱਜ ਕਾਂਗਰਸ ਪਾਰਟੀ ਦੇ ਮੁੱਖ ਦਫ਼ਤਰ ਦਿੱਲੀ ਅੱਗੇ ਧਰਨਾ ਦਿੱਤਾ। ਅਧਿਆਪਕਾਂ ਵੱਲੋਂ ਧਰਨਾ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲਣ ਲਈ ਲਗਾਇਆ ਗਿਆ।
ਇਸ ਮੌਕੇ ਆਗੂ ਨੇ ਪੰਜਾਬ ਦੀ ਕਾਂਗਰਸ ਸਰਕਾਰ ‘ਤੇ ਦੋਸ਼ ਲਗਾਇਆ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਤੇ ਹੁਣ ਸਰਕਾਰ ਆਪਣੇ ਵਾਅਦੇ ਤੋਂ ਮੁਕਰ ਰਹੀ ਹੈ।
ਆਗੂਆਂ ਨੇ ਕਿਹਾ ਕਿ ਪਿਛਲੇ ਸੰਘਰਸ਼ਾਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕਈ ਵਾਰ ਮੀਟਿੰਗ ਦਾ ਸਮਾਂ ਦੇ ਕੇ ਮੁਕਰ ਗਏ। ਆਗੂ ਨੇ ਕਿਹਾ ਕਿ ਐਸਐਸਏ ਤੇ ਰਮਸਾ ਅਧਿਆਪਕ ਪਿਛਲੇ 10 ਸਾਲਾਂ ਤੋਂ ਕੰਮ ਕਰਦੇ ਆ ਰਹੇ ਹਨ, ਪ੍ਰੰਤੂ ਹੁਣ ਕੈਪਟਨ ਸਰਕਾਰ ਉਨ੍ਹਾਂ ਦੀਆਂ 70 ਫੀਸਦੀ ਤਨਖਾਹਾਂ ਘਟਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।
ਆਗੂਆਂ ਨੇ ਕਿਹਾ ਕਿ ਉਹ ਕਾਂਗਰਸ ਉਚ ਆਗੂਆਂ ਦੇ ਧਿਆਨ ‘ਚ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਅਧਿਆਪਕਾਂ ਨਾਲ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਲਿਆਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਉਹ ਮੰਗ ਕਰਨਗੇ ਕਿ ਕਾਂਗਰਸ, ਪੰਜਾਬ ਸਰਕਾਰ ਨੂੰ ਮੰਗਾਂ ਹੱਲ ਕਰਨ ਲਈ ਕਹੇ। ਉਨ੍ਹਾਂ ਕਿਹਾ ਕਿ ਜੇਕਰ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਮਿਲਣ ਦਾ ਸਮਾਂ ਨਹੀਂ ਦਿੱਤਾ ਜਾਂਦਾ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਉਹ ਆਉਣ ਵਾਲੇ ਦਿਨਾਂ ‘ਚ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਇਸ ਮੌਕੇ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ‘ਚੋਂ ਅਧਿਆਪਕ ਪਹੁੰਚੇ ਹੋਏ ਸਨ।

Read more