ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਪ੍ਰਸਤਾਵਿਤ ਹੜਤਾਲ ਵਾਪਸ ਲੈਣ ਦੀ ਅਪੀਲ

ਕੈਬਨਿਟ ਸਬ-ਕਮੇਟੀ ਦੀ ਮੀਟਿੰਗ 21 ਅਗਸਤ ਨੂੰ ਰੱਖੀ

ਚੰਡੀਗੜ, 13 ਅਗਸਤ-

ਸਰਕਾਰੀ ਮੁਲਾਜ਼ਮਾਂ ਨੂੰ ਆਪਣੀ ਪ੍ਰਸਤਾਵਿਤ ਹੜਤਾਲ ਵਾਪਸ ਲੈਣ ਦੀ ਅਪੀਲ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਲਾਜ਼ਮ ਮਸਲਿਆਂ ਨੂੰ ਵਿਚਾਰਨ ਅਤੇ ਉਨਾਂ ਦੇ ਛੇਤੀ ਹੱਲ ਲਈ ਰਾਹ ਲੱਭਣ ਵਾਸਤੇ 21 ਅਗਸਤ ਨੂੰ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਸੱਦੀ ਹੈ। 

ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਵਾਲੀ ਸਬ-ਕਮੇਟੀ ਨੂੰ ਆਖਿਆ ਕਿ 28 ਅਗਸਤ ਨੂੰ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਅਗਲੇਰੀ ਮੀਟਿੰਗ ਕੀਤੀ ਜਾਵੇ ਤਾਂ ਕਿ ਉਨਾਂ ਦੀਆਂ ਬਕਾਇਆ ਮੰਗਾਂ ਦਾ ਜਿੰਨੀ ਛੇਤੀ ਸੰਭਵ ਹੋਵੇ, ਹੱਲ ਕੱਢਿਆ ਜਾ ਸਕੇ। 

ਮੁਲਾਜ਼ਮ ਹਿੱਤਾਂ ਦੀ ਹਰ ਹੀਲੇ ਰਾਖੀ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਉਨਾਂ ਨੂੰ ਸਰਕਾਰ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਜੋ ਸਮੁੱਚੇ ਮਾਮਲੇ ਬਾਰੇ ਜਾਣੰੂ ਹੈ ਅਤੇ ਉਨਾਂ ਦੀਆਂ ਬਕਾਇਆ ਮੰਗਾਂ ਅਤੇ ਮਸਲਿਆਂ ਦੇ ਛੇਤੀ ਹੱਲ ਕਰਨ ਲਈ ਕੰਮ ਕਰ ਰਹੀ ਹੈ। 

ਮੁੱਖ ਮੰਤਰੀ ਨੇ ਮੁਲਾਜ਼ਮ ਜਥੇਬੰਦੀਆਂ ਨੂੰ ਵਡੇਰੇ ਜਨਤਕ ਹਿੱਤ ਵਿੱਚ ਆਪਣਾ ਸੰਘਰਸ਼ ਤਿਆਗਣ ਅਤੇ ਪ੍ਰਸਤਾਵਿਤ ਹੜਤਾਲ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ। ਉਨਾਂ ਕਿਹਾ ਕਿ ਮੁਲਾਜ਼ਮਾਂ ਦੀ ਸਰਬਪੱਖੀ ਭਲਾਈ ਨੂੰ ਯਕੀਨੀ ਬਣਾਉਣਾ ਸਰਕਾਰ ਦਾ ਮੁੱਢਲਾ ਫਰਜ਼ ਹੈ ਜੋ ਸੂਬਾ ਪ੍ਰਸ਼ਾਸਨ ਦੀ ਰੀੜ ਦੀ ਹੱਡੀ ਹਨ।

Read more