ਕੋਰੋਨਾ ਵਾਇਰਸ ਕਾਰਨ ਸ਼੍ਰੋਮਣੀ ਕਮੇਟੀ ਨੇ ਬਜਟ ਸਬੰਧੀ 26 ਮਾਰਚ ਨੂੰ ਅੰਤ੍ਰਿੰਗ ਕਮੇਟੀ ਦੀ ਬੈਠਕ ਬੁਲਾਈ

ਅੰਮ੍ਰਿਤਸਰ: ਵਿਸ਼ਵ ਮਹਾਂਮਾਰੀ ਕੋਰੋਨਾਵਾਇਰਸ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਜਟ ਸਬੰਧੀ ਇਕ ਨੁਕਾਤੀ ਏਜੰਡੇ ’ਤੇ 26 ਮਾਰਚ ਨੂੰ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਬੁਲਾਈ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਆਦੇਸ਼ ਅਨੁਸਾਰ 72 ਘੰਟਿਆਂ ਦੇ ਨੋਟਿਸ ’ਤੇ ਅੰਤ੍ਰਿੰਗ ਕਮੇਟੀ ਦੀ ਇਹ ਇਕੱਤਰਤਾ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲ੍ਹਾ ਵਿਖੇ ਦੁਪਹਿਰ 12  ਵਜੇ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਪੂਰੀ ਦੁਨੀਆਂ ਅੰਦਰ ਕੋਰੋਨਾਵਾਇਰਸ ਦੇ ਵੱਧਦੇ ਪ੍ਰਭਾਵ ਕਾਰਨ ਭਾਰਤ ਅਤੇ ਸੂਬਾ ਸਰਕਾਰ ਵੱਲੋਂ ਕੁਝ ਪਾਬੰਦੀਆਂ ਨਿਰਧਾਰਤ ਕੀਤੀਆਂ ਗਈਆਂ ਹਨ, ਜਿਸ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਦਾ 28 ਮਾਰਚ ਨੂੰ ਹੋਣ ਵਾਲੇ ਬਜਟ ਇਜਲਾਸ ਸਬੰਧੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਇਕੱਤਰਤਾ ਦੌਰਾਨ ਕੇਵਲ ਅੰਤ੍ਰਿੰਗ ਮੈਂਬਰ ਸਾਹਿਬਾਨ ਅਤੇ ਲੋੜ ਅਨੁਸਾਰ ਅਧਿਕਾਰੀ ਹੀ ਸ਼ਾਮਲ ਹੋਣਗੇ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਦਫ਼ਤਰ 31 ਮਾਰਚ ਤੱਕ ਬੰਦ ਕਰ ਦਿੱਤੇ ਗਏ ਹਨ ਅਤੇ ਲੋੜ ਅਨੁਸਾਰ ਵਿਭਾਗਾਂ ਦੇ ਕਾਰਜ ਘਰਾਂ ਤੋਂ ਕੀਤੇ ਜਾਣਗੇ। ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸਮੂਹ ਬ੍ਰਾਂਚਾਂ ਦੇ ਇੰਚਾਰਜ ਆਪੋ-ਆਪਣੇ ਵਿਭਾਗ ਦੇ ਅਧਿਕਾਰੀਆਂ ਨਾਲ ਰਾਬਤੇ ’ਚ ਰਹਿਣਗੇ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਪ੍ਰਸ਼ਾਸਨ ਨੂੰ ਹਰ ਤਰ੍ਹਾਂ ਦੇ ਸਹਿਯੋਗ ਲਈ ਵਚਨਬੱਧਤਾ ਪ੍ਰਗਟਾਈ ਹੈ। ਪ੍ਰਸ਼ਾਸਨ ਵੱਲੋਂ ਜਿਥੇ ਵੀ ਲੰਗਰ ਆਦਿ ਦੀ ਲੋੜ ਦੱਸੀ ਜਾਵੇਗੀ, ਉਸ ਦਾ ਸ਼੍ਰੋਮਣੀ ਕਮੇਟੀ ਪ੍ਰਬੰਧ ਕਰੇਗੀ। ਪਰੰਤੂ ਹਾਲਾਤ ਸੰਜੀਦਾ ਹੋਣ ਕਾਰਨ ਇਸ ਕਾਰਜ ਲਈ ਨਿਗਰਾਨੀ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀ ਹੋਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ, ਸਰਾਵਾਂ ਅਤੇ ਦਫ਼ਤਰਾਂ ਆਦਿ ਵਿਖੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਦੇ ਸਹਿਯੋਗ ਨਾਲ ਸੈਨੇਟਾਈਜ਼ ਕਰਨ ਲਈ ਛਿੜਕਾਅ ਵੀ ਕਰਵਾਇਆ ਜਾ ਰਿਹਾ ਹੈ।

ਕੋਰਨਾ ਵਾਇਰਸ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਸਰਕਾਰ ਦੀਆਂ ਹਦਾਇਤਾਂ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਦਾ ਪਾਲਣ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਵੈ-ਅਨੁਸ਼ਾਸਨ ਅਤੇ ਅਲਹਿਦਗੀ ਹੀ ਇਸ ਤੋਂ ਬਚਾਅ ਦਾ ਇਕਮਾਤਰ ਹੱਲ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਲੋੜ ਅਨੁਸਾਰ ਹੀ ਘਰਾਂ ਤੋਂ ਬਾਹਰ ਨਿਕਲਿਆ ਜਾਵੇ ਅਤੇ ਗੁਰੂ ਘਰਾਂ ਅੰਦਰ ਵੀ ਪ੍ਰਬੰਧਕੀ ਸਹਿਯੋਗ ਦਿੱਤਾ ਜਾਵੇ। ਭਾਈ ਲੌਂਗੋਵਾਲ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਸਰਕਾਰ ਦਾ ਹਰ ਪੱਧਰ ’ਤੇ ਸਹਿਯੋਗ ਦੇਣ ਲਈ ਤਿਆਰ ਹੈ।

Read more