ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੀ ਵੱਡੀ ਜਥੇਦਾਰੀ, -ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨਿਯੁਕਤ-ਗਿਆਨੀ ਗੁਰਬਚਨ ਸਿੰਘ ਦਾ ਅਸਤੀਫਾ ਪ੍ਰਵਾਨ

PunjabUpdate.Com

ਅੰਮ੍ਰਿਤਸਰ ਸਾਹਿਬ, 22 ਅਕਤੂਬਰ (ਪੰਜਾਬਅੱਪਡੇਟ ਡਾਟ ਕਾਮ)-ਤਖਤ ਸ਼੍ਰੀ ਦਮਦਮਾ ਸਾਹਿਬ ਦੇ ਮੌਜੂਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹੁਣ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਜ਼ਿੰਮੇਵਾਰੀ ਨਿਭਾਉਣਗੇ।  ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਵਾਧੂ ਚਾਰਜ ਵੀ ਸੌਂਪ ਦਿੱਤਾ ਹੈ। ਸ਼੍ਰੋਮਣੀ ਕਮੇਟੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਸੋਮਵਾਰ ਨੂੰ ਇੱਥੇ ਹੋਈ ਉਚ ਪੱਧਰੀ ਮੀਟਿੰਗ ਗਿਆਨੀ ਹਰਪ੍ਰੀਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵਾਧੂ ਚਾਰਜ ਸੌਂਪ ਕੇ ਕਾਰਜਕਾਰੀ ਜਥੇਦਾਰ ਨਿਯੁਕਤ ਕਰਨ ਦਾ ਫੈਸਲਾ ਲਿਆ ਗਿਆ।
ਇਸ ਸਬੰਧੀ ਪੰਜਾਬਅੱਪਡੇਟ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਦਾ ਅਸਤੀਫਾ ਕਮੇਟੀ ਵਲੋਂ ਪ੍ਰਵਾਨ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦੀ ਥਾਂ ਉਤੇ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਵਾਧੂ ਚਾਰਜ ਸੌਂਪ ਦਿੱਤਾ ਗਿਆ ਹੈ। 
ਇੱਥੇ ਇਹ ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਐਤਵਾਰ ਰਾਤ ਹੋਈ ਅਹਿਮ ਮੀਟਿੰਗ ਵਿਚ ਗਿਆਨੀ ਹਰਪ੍ਰੀਤ ਸਿੰਘ ਨੂੰ ਵੱਡੀ ਜਥੇਦਾਰ ਦੇਣ ਦਾ ਫੈਸਲਾ ਕਰ ਲਿਆ ਗਿਆ ਸੀ। ਰਸਮੀ ਕਾਰਵਾਈ ਸੋਮਵਾਰ ਨੂੰ ਸ਼੍ਰੋਮਣੀ ਕਮੇਟੀ ਨੇ ਮੀਟਿੰਗ ਕਰਕੇ ਪਾਈ। ਕੋਰ ਕਮੇਟੀ ਦੀ ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਲੌਂਗੋਵਾਲ ਵੀ ਮੌਜ਼ੂਦ ਸਨ ਅਤੇ ਉਨ੍ਹਾਂ ਦੀ ਕੁਰਸੀ ਬਦਲਣ ਦੀ ਮੰਗ ਨੂੰ ਲੈ ਕੇ ਪਾਰਟੀ ਦੇ ਕਈ ਆਗੂਆਂ ਨੇ ਉਨ੍ਹਾਂ ਦੀ ਮੌਜ਼ੂਦਗੀ ਵਿਚ ਬਾਦਲਾਂ ਅੱਗੇ ਸਵਾਲ ਉਠਾਏ ਸਨ। ਪ੍ਰੰਤੂ ਉਹ ਆਪਣੀ ਚਾਪਲੂਸੀ ਤੇ ਬਾਦਲਾਂ ਦੀ ਵਫ਼ਾਦਾਰੀ ਦੇ ਚੱਲਦੇ ਆਪਣੀ ਕੁਰਸੀ ਬਚਾਉਣ ਵਿਚ ਕਾਮਯਾਬ ਰਹੇ। 
ਮੁਕਤਸਰ ਦੇ ਗਿੱਦੜਬਾਹਾ ਕਸਬੇ ਦੇ ਰਹਿਣ ਵਾਲੇ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਤੋਂ ਕੁਰਾਨ ਸ਼ਰੀਫ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਤ ਦੀਆਂ ਧਾਰਮਿਕ ਸਿੱਖਿਆਵਾਂ ਦੀ ਤੁਲਨਾਤਮਕ ਅਧਿਐਨ ਵਿੱਚ ਪੀæਐਚæਡੀæ ਕਰ ਰਹੇ ਹਨ ਤੇ ਤੁਲਨਾਤਮਿਕ ਧਾਰਮਿਕ ਅਧਿਐਨਾਂ ਵਿੱਚ ਮਾਸਟਰ ਡਿਗਰੀ ਹੋਲਡਰ ਹਨ।
ਇੱਥੇ ਇਹ ਦੱਸਣਯੋਗ ਹੈ ਕਿ ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦੇਣ ਦੇ ਮੁੱਦੇ ਨੂੰ ਲੈ ਕੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਲਗਾਤਾਰ ਸਿੱਖ ਸੰਗਤ ਦੇ ਵਿਰੋਧ ਦਾ ਸ਼ਿਕਾਰ ਹੋ ਰਹੇ ਸਨ ਅਤੇ ਉਨ੍ਹਾਂ ਨੂੰ ਬਦਲਣ ਦੀ ਮੰਗ ਬਰਗਾੜੀ ਤੇ ਬਹਿਬਲ ਗੋਲੀ ਕਾਂਡ ਤੋਂ ਲੈ ਕੇ ਚੱਲੀ ਆ ਰਹੀ ਸੀ।  ਜਥੇਦਾਰ  ਸ਼੍ਰੀ ਅਕਾਲ ਤਖਤ ਗਿਆਨੀ ਗੁਰਬਚਨ ਸਿੰਘ ਨੇ ਪਿਛਲੇ ਹਫਤੇ ਆਪਣੀ ਸਿਹਤ ਦਾ ਹਵਾਲਾ ਦਿੰਦੇ ਹੋਏ ਅਸਤੀਫ਼ਾ ਦੇ ਦਿੱਤਾ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਉਨ੍ਹਾਂ ਦੇ ਅਸਤੀਫੇ ਨੂੰ ਸਵੀਕਾਰ ਕਰਨ ਤੇ ਨਵੇਂ ਜਥੇਦਾਰ ਦੀ ਨਿਯੁਕਤੀ ਲਈ ਸੋਮਵਾਰ ਨੂੰ ਮੀਟਿੰਗ ਕਰੇਗੀ।

Read more