ਸਿੱਖਿਆ ਮੰਤਰੀ ਸੋਨੀ ਵੱਲੋਂ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ


ਚੰਡੀਗੜ, 11 ਮਈ: ਸਿੱਖਿਆ ਮੰਤਰੀ, ਪੰਜਾਬ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ 12 ਵੀਂ ਜਮਾਤ ਦੇ ਨਤੀਜਿਆਂ ਵਿੱਚ ਮੈਰਿਟ ਵਿੱਚ ਆਉਣ ਵਾਲੇ ਸਮੂਹ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਹੈ।

ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਸ਼੍ਰੀ ਸੋਨੀ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਵੱਲੋਂ ਜੋ ਟੀਚੇ ਸਿੱਖਿਆ ਵਿਭਾਗ ਲਈ ਮਿੱਥੇ ਗਏ ਸਨ, ਉਹਨਾਂ ਦੀ ਪ੍ਰਾਪਤੀ ਲਈ ਕੀਤੇ ਜਾ ਰਹੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਕੂਲ ਅਧਿਆਪਕਾਂ ਅਤੇ ਪ੍ਰਿੰਸੀਪਲ ਦੀ ਮਿਹਨਤ ਸਦਕਾ ਇਸ ਵਾਰ ਵਿਦਿਆਰਥੀਆਂ ਦੀ ਪਾਸ ਪ੍ਰਤੀਸ਼ਤਾ 86.41 ਫੀਸਦੀ ਰਹੀ ਹੈ ਜਦਕਿ ਪਿਛਲੇ ਵਰ੍ਹੇ ਪਾਸ ਪ੍ਰਤੀਸ਼ਤ 65.97 ਫੀਸਦੀ ਰਹੀ ਸੀ ਜੋ ਕਿ ਇਕ ਵੱਡੀ ਪ੍ਰਾਪਤੀ ਹੈ। ਇਸ ਲਈ ਜਿੱਥੇ ਸਖ਼ਤ ਮਿਹਨਤ ਕਰਕੇ ਪਾਸ ਹੋਏ ਵਿਦਿਆਰਥੀ ਵਧਾਈ ਦੇ ਪਾਤਰ ਹਨ ਉੱਥੇ ਨਾਲ ਹੀ ਅਧਿਆਪਕ ਅਤੇ ਪ੍ਰਿੰਸੀਪਲ ਸਾਹਿਬਾਨ ਵੀ ਵਧਾਈ ਦੇ ਪਾਤਰ ਹਨ।

ਉਨ੍ਹਾਂ ਕਿਹਾ ਕਿ ਇਸ ਸਾਲ ਦਸਵੀਂ ਅਤੇ ਬਾਰਵੀਂ ਦੇ ਨਤੀਜਿਆਂ ਵਿੱਚ ਹੋਏ ਸੁਧਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਸਕੂਲ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਉਪਰਾਲਿਆਂ ਸਦਕਾ ਉਸਾਰੂ ਤਬਦੀਲੀਆਂ ਆ ਰਹੀਆਂ ਹਨ।

ਉਨ੍ਹਾਂ ਆਸ ਪ੍ਰਗਟਾਈ ਕਿ ਆਉਂਦੇ ਸਾਲਾਂ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਨਤੀਜਾ 100 ਫੀਸਦੀ ਪਾਸ ਪ੍ਰਤੀਸ਼ਤਾ ਨੂੰ ਛੂਹੇਗਾ ਅਤੇ ਨਾਲ ਹੀ ਉਹਨਾਂ ਸਕੂਲ ਅਧਿਆਪਕਾਂ ਅਤੇ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਭਵਿੱਖ ਵਿੱਚ ਵੀ ਇਸੇ ਸਮਰਪਿਤ ਭਾਵਨਾ ਨਾਲ ਕੰਮ ਕਰਨ।

ਉਨ੍ਹਾਂ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਅਤੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਵਧੀਆ ਰਿਜ਼ਲਟ ਆਉਣ ‘ਤੇ ਵਧਾਈ ਦਿੱਤੀ ਹੈ।   

Read more