ਜ਼ਿਲ੍ਹੇ ਦੀਆਂ ਮੰਡੀਆਂ ‘ਚ ਕੱਲ੍ਹ ਸ਼ਾਮ ਤੱਕ 167075 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ, ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 162832 ਮੀਟ੍ਰਿਕ ਟਨ ਝੋਨੇ ਦੀ ਕੀਤੀ ਗਈ ਖ਼ਰੀਦ
ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ, ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿਚ ਰਲਾਇਆ ਜਾਵੇ
ਫਿਰੋਜ਼ਪੁਰ 10 ਅਕਤੂਬਰ 2020
ਡਿਪਟੀ ਕਮਿਸ਼ਨਰ ਸ੍ਰ. ਗੁਰਪਾਲਾ ਸਿੰਘ ਚਾਹਲ ਨੇ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਕੀਤੀ ਜਾ ਰਹੀ ਹੈ ਅਤੇ ਸਾਰੀ ਖ਼ਰੀਦ ਪ੍ਰਕ੍ਰਿਆ ਤਸੱਲੀ ਬਖ਼ਸ਼ ਢੰਗ ਨਾਲ ਜਾਰੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਸ਼ੁਕਰਵਾਰ ਸ਼ਾਮ ਤੱਕ 167075 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 162832 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ ਹੈ ਤੇ ਮੰਡੀਆਂ ਵਿੱਚ ਕਿਸਾਨਾਂ ਵਾਸਤੇ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ੁਕਰਵਾਰ ਸ਼ਾਮ ਤੱਕ ਪਨਗਰੇਨ ਵੱਲੋਂ 66583 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 46890 ਮੀਟ੍ਰਿਕ ਟਨ, ਪਨਸਪ ਵੱਲੋਂ 27750 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਵੱਲੋਂ 18459 ਅਤੇ ਵਪਾਰੀਆਂ ਵੱਲੋਂ 3150 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਜਿੱਥੇ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਫਸਲ ਲਿਆਉਣ ਦੀ ਅਪੀਲ ਕੀਤੀ ਉਥੇ ਹੀ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਅੱਗ ਲਗਾਉਣ ਨਾਲ ਇੱਕ ਤਾਂ ਜਿੱਥੇ ਵਾਤਾਵਰਨ ਤੇ ਮਾੜਾ ਪ੍ਰਭਾਵ ਪੈਂਦਾ ਹੈ ਉਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਉਨ੍ਹਾਂ ਕਿਹਾ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤੀਬਾੜੀ ਵਿਭਾਗ ਵੱਲੋਂ ਸਿਫਾਰਿਸ਼ ਕੀਤੇ ਜਾਂਦੇ ਆਧੁਨਿਕ ਸੰਦਾਂ ਦੀ ਵਰਤੋਂ ਕਰ ਕੇ ਪਰਾਲੀ ਨੂੰ ਖੇਤਾ ਵਿਚ ਰਲਾਉਣ ਨੂੰ ਤਰਜੀਹ ਦਿੱਤੀ ਜਾਵੇ।