14 Jun 2021
Punjabi Hindi

ਡਿਪਟੀ ਕਮਿਸ਼ਨਰ ਵੱਲੋਂ ਨਸ਼ਿਆਂ ਖਿਲਾਫ਼ ਜਾਗਰੂਕਤਾ ਗਤੀਵਿਧੀਆਂ ਵਿਚ ਤੇਜ਼ੀ ਲਿਆਉਣ ਦੇ ਆਦੇਸ਼

*ਜ਼ਿਲਾ ਮਿਸ਼ਨ ਟੀਮ ਦੀ ਮੀਟਿੰਗ ਦੌਰਾਨ ਨਸ਼ਾ ਵਿਰੋਧੀ ਮੁਹਿੰਮ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਨਵਾਂਸ਼ਹਿਰ, 1 ਫਰਵਰੀ :
ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਜ਼ਿਲਾ ਮਿਸ਼ਨ ਟੀਮ ਦੀ ਮੀਟਿੰਗ ਦੌਰਾਨ ਜ਼ਿਲੇ ਵਿਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨਾਂ ਓਟ ਸੈਂਟਰਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਤੋਂ ਇਲਾਵਾ ਡੈਪੋ, ਬਡੀ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਆਦਿ ਪ੍ਰੋਗਰਾਮਾਂ ਦੀ ਸਮੀਖਿਆ ਵੀ ਕੀਤੀ। ਡਾ. ਸ਼ੇਨਾ ਅਗਰਵਾਲ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਬਣਾਏ ਗਏ ਡੈਪੋ ਅਤੇ ਬਡੀਜ਼ ਜ਼ਿਲੇ ਨੂੰ ਨਸ਼ਾ ਮੁਕਤ ਕਰਨ ਵਿਚ ਅਹਿਮ ਭੂਮਿਕਾ ਨਿਭਾਅ ਰਹੇ ਹਨ। ਉਨਾਂ ਸਮੂਹ ਸਬੰਧਤ ਵਿਭਾਗਾਂ ਨੂੰ ਨਸ਼ਿਆਂ ਖਿਲਾਫ਼ ਆਪਣੀਆਂ ਜਾਗਰੂਕਤਾ ਗਤੀਵਿਧੀਆਂ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ।
  ਡਿਪਟੀ ਕਮਿਸ਼ਨਰ ਨੇ ਰੋਜ਼ਗਾਰ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਨਸ਼ਾ ਤਿਆਗ ਚੁੱਕੇ ਵਿਅਕਤੀਆਂ ਨੂੰ ਸਵੈ-ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਏ ਜਾਣ, ਤਾਂ ਜੋ ਉਨਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ। ਇਸੇ ਤਰਾਂ ਉਨਾਂ ਯੁਵਕ ਸੇਵਾਵਾਂ ਵਿਭਾਗ ਦੇ ਅਧਿਕਾਰੀਆਂ ਨੂੰ ਯੂਥ ਕਲੱਬਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਖੇਡਾਂ ਅਤੇ ਹੋਰਨਾਂ ਉਸਾਰੂ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ ਲਈ ਪ੍ਰੋਗਰਾਮ ਉਲੀਕਣ ਦੇ ਆਦੇਸ਼ ਦਿੱਤੇ। ਇਸ ਤੋਂ ਇਲਾਵਾ ਉਨਾਂ ਜ਼ਿਲੇ ਵਿਚ ਨਸ਼ਾ ਮੁਕਤ ਪਿੰਡਾਂ ਦੀ ਗਿਣਤੀ ਵਧਾਉਣ ਦੀ ਵੀ ਹਦਾਇਤ ਕੀਤੀ। ਇਸ ਦੌਰਾਨ ਉਨਾਂ ਸਿਹਤ, ਸਿੱਖਿਆ, ਪੁਲਿਸ, ਜੀ. ਓ. ਜੀਜ਼ ਅਤੇ ਹੋਰਨਾਂ ਵਿਭਾਗਾਂ ਵੱਲੋਂ ਇਨਾਂ ਪ੍ਰੋਗਰਾਮਾਂ ਸਬੰਧੀ ਵਿਖਾਈ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਅਤੇ ਨਸ਼ਿਆਂ ਖਿਲਾਫ਼ ਮੁਹਿੰਮ ਨੂੰ ਹੋਰ ਬਿਹਤਰ ਢੰਗ ਨਾਲ ਚਲਾਉਣ ਸਬੰਧੀ ਮੈਂਬਰਾਂ ਤੋਂ ਸੁਝਾਅ ਵੀ ਲਏ ਗਏ। 
ਇਸ ਮੌਕੇ ਸਹਾਇਕ ਕਮਿਸ਼ਨਰ ਦੀਪਜੋਤ ਕੌਰ, ਡੀ. ਐਸ. ਪੀ ਲਖਵੀਰ ਸਿੰਘ, ਸਹਾਇਕ ਸਿਵਲ ਸਰਜਨ ਡਾ. ਬਲਵਿੰਦਰ ਸਿੰਘ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ, ਜ਼ਿਲਾ ਰੋਜ਼ਗਾਰ ਅਫ਼ਸਰ ਰੁਪਿੰਦਰ ਕੌਰ, ਤਹਿਸੀਲ ਹੈੱਡ ਜੀ. ਓ. ਜੀ ਕੈਪਟਨ ਸਤਪਾਲ ਸਿੰਘ, ਜ਼ਿਲਾ ਵਿਵਹਾਰ ਪਰਿਵਰਤਨ ਕੋਆਰਡੀਨੇਟਰ ਮੰਗ ਗੁਰਪ੍ਰਸ਼ਾਦ, ਪੰਜਾਬ ਹੁਨਰ ਵਿਕਾਸ ਮਿਸ਼ਨ ਤੋਂ ਸ਼ੰਮੀ ਠਾਕੁਰ, ਸੁਖਵਿੰਦਰ ਸਿੰਘ ਤੇ ਰਾਜਨ ਭਾਟੀਆ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ। 
Spread the love

Read more

© Copyright 2021, Punjabupdate.com