ਡਿਪਟੀ ਕਮਿਸ਼ਨਰ ਵੱਲੋਂ ਅਨਾਜ ਮੰਡੀ ਖਨੌਰੀ ’ਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ
* ਜ਼ਿਲੇ ਦੀਆਂ ਮੰਡੀਆਂ ’ਚੋ 62 ਹਜ਼ਾਰ 388 ਮੀਟਰਕ ਟਨ ਝੋਨੇ ਦੀ ਖਰੀਦ
*ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਪ੍ਰੇਰਿਤ
ਸੰਗਰੂਰ, 14 ਅਕਤੁਬਰ:
ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਅੱਜ ਅਨਾਜ ਮੰਡੀ ਖਨੌਰੀ ਦਾ ਦੌਰਾ ਕਰਕੇ ਝੋਨੇ ਦੀ ਸਰਕਾਰੀ ਖਰੀਦ ਦਾ ਜਾਇਜ਼ਾ ਲਿਆ ਅਤੇ ਸਬੰਧਤ ਏਜੰਸੀਆਂ ਦੇ ਜ਼ਿਲਾ ਮੈਨੇਜਰਾਂ ਨੂੰ ਖਰੀਦ ’ਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ। ਉਨਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਮੰਡੀਆਂ ਵਿੱਚ ਕਿਸਾਨਾਂ ਦੀ ਸੁਵਿਧਾਵਾਂ ਨੂੰ ਤਰਜੀਹ ਦਿੱਤੀ ਜਾਵੇ।
ਉਨਾਂ ਕਿਹਾ ਕਿ ਝੋਨੇ ਦੀ ਖਰੀਦ, ਚੁਕਾਈ ਤੇ ਅਦਾਇਗੀ ਸਬੰਧੀ ਲਗਾਤਾਰ ਚੌਕਸੀ ਰੱਖੀ ਜਾਵੇ ਅਤੇ ਜਿਣਸ ਲਿਆਉਣ ਵਾਲੇ ਕਿਸਾਨਾਂ ਨੂੰ ਝੋਨੇ ’ਚ ਨਮੀ ਦੀ ਮਾਤਰਾ ਬਾਰੇ ਲਗਾਤਾਰ ਜਾਗਰੂਕ ਕੀਤਾ ਜਾਵੇ। ਉਨਾਂ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਦੱਸਿਆ ਕਿ ਸ਼ਾਮ ਸਮੇਂ ਕੰਬਾਇਨਾਂ ਨਾਲ ਕਟਾਈ ਨਾ ਕੀਤੀ ਜਾਵੇ ਅਤੇ ਹਰੇਕ ਕੰਬਾਇਨ ’ਤੇ ਐਸ.ਐਮ.ਐਸ ਪ੍ਰਣਾਲੀ ਨੂੰ ਲਾਜ਼ਮੀ ਕੀਤਾ ਗਿਆ ਹੈ। ਉਨਾਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਵੀ ਪੇ੍ਰਰਿਤ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਦੀਆਂ ਅਨਾਜ ਮੰਡੀਆਂ ’ਚ ਝੋਨੇ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਚੱਲ ਰਹੀ ਹੈ ਅਤੇ 13 ਅਕਤੂਬਰ ਦੀ ਸ਼ਾਮ ਤੱਕ ਮੰਡੀਆਂ ’ਚ 65 ਹਜ਼ਾਰ 505 ਮੀਟਰਕ ਟਨ ਝੋਨਾ ਆਇਆ ਜਿਸ ਵਿੱਚੋਂ 62 ਹਜ਼ਾਰ 388 ਮੀਟਰਕ ਟਨ ਦੀ ਖਰੀਦ ਕਰ ਲਈ ਗਈ ਹੈ। ਪਨਗਰੇਨ ਵੱਲੋਂ 30568 ਮੀਟਰਕ ਟਨ, ਮਾਰਕਫੈੱਡ ਵੱਲੋਂ 18 ਹਜ਼ਾਰ 705 ਮੀਟਰਕ ਟਨ, ਪਨਸਪ ਵੱਲੋਂ 7 ਹਜਾਰ 810 ਮੀਟਰਕ ਟਨ ਅਤੇ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 5 ਹਜਾਰ 305 ਮੀਟਰਕ ਟਨ ਝੋਨੇ ਦੀ ਖਰੀਦ ਕਰ ਲਈ ਗਈ ਹੈ।