19 Apr 2021

ਦਿਸ਼ਾਹੀਣ ਵਿਰੋਧੀ ਧਿਰਾਂ ਕੋਲ ਕੋਈ ਮੁੱਦਾ ਨਹੀਂ : ਅਰੁਨਾ ਚੌਧਰੀ

ਹੁਸ਼ਿਆਰਪੁਰ, 18 ਮਾਰਚ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚੋਣ ਮਨੋਰਥ ਪੱਤਰ ਵਿੱਚ ਕੀਤੇ ਵਾਅਦਿਆਂ ’ਚੋਂ 85 ਫੀਸਦੀ ਵਾਅਦੇ ਪੂਰੇ ਕਰ ਦਿੱਤੇ ਗਏ ਹਨ ਜਿਸ ਕਾਰਨ ਵਿਰੋਧੀ ਸਿਆਸੀ ਪਾਰਟੀਆਂ ਮੁੱਦਾਹੀਣ ਹੋ ਚੁੱਕੀਆਂ ਹਨ ਅਤੇ ਆਪਣਾ ਸਿਆਸੀ ਵਜੂਦ ਬਨਾਉਣ ਲਈ ਹੱਥ-ਪੈਰ ਮਾਰ ਰਹੀਆਂ ਹਨ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਪੰਜਾਬ ਸਰਕਾਰ ਦੇ 4 ਸਾਲ ਪੂਰੇ ਹੋਣ ’ਤੇ ਅੱਜ ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਅਰੁਨਾ ਚੌਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਨ੍ਹਾਂ ਚਾਰ ਸਾਲਾਂ ਦੌਰਾਨ ਹਰ ਵਰਗ ਦੀ ਖੁਸ਼ਹਾਲੀ ਦੇ ਮੱਦੇਨਜ਼ਰ ਲਾਮਿਸਾਲ ਵਿਕਾਸ ਕਰਵਾਉਣ ਦੇ ਨਾਲ-ਨਾਲ ਇਤਿਹਾਸਕ ਫੈਸਲੇ ਲਏ ਜਿਨ੍ਹਾਂ ਵਿੱਚ ਸਮਾਜਿਕ ਸੁਰੱਖਿਆ ਪੈਨਸ਼ਨਾਂ ਵਿੱਚ ਪਿਛਲੀ ਸਰਕਾਰ ਨਾਲੋਂ ਤਿੰਨ ਗੁਣਾ ਵਾਧਾ, ਸ਼ਗਨ ਸਕੀਮ ਨੂੰ ਵਧਾ ਕੇ 51 ਹਜ਼ਾਰ ਰੁਪਏ ਕਰਨਾ, ਔਰਤਾਂ ਨੂੰ ਸਰਕਾਰੀ ਬੱਸਾਂ ’ਚ ਮੁਫ਼ਤ ਸਫ਼ਰ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਹਰ ਇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਆਉਂਦੇ ਕੁਝ ਮਹੀਨਿਆਂ ਵਿੱਚ ਬਾਕੀ ਰਹਿੰਦੇ ਵਾਅਦੇ ਵੀ ਪੂਰੇ ਕਰ ਦਿੱਤੇ ਜਾਣਗੇ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ 50 ਕਰੋੜ ਰੁਪਏ ਦੀ ਤਜਵੀਜ਼ ਨਾਲ 7 ਵਰਕਿੰਗ ਵੂਮੈਨ ਹੋਸਟਲ ਬਣਾਏ ਜਾ ਰਹੇ ਹਨ ਜਿਨ੍ਹਾਂ ਲਈ ਮੁਢਲੇ ਤੌਰ ’ਤੇ 11 ਕਰੋੜ ਰੁਪਏ ਜਾਰੀ ਹੋ ਚੁੱਕੇ ਹਨ ਅਤੇ ਬਰਨਾਲਾ ਤੇ ਮਾਨਸਾ ਵਿੱਚ ਇਨ੍ਹਾਂ ਹੋਸਟਲਾਂ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਹਿਲਾ ਸਸ਼ਕਤੀਕਰਨ ਅਤੇ ਬਾਲ ਵਿਕਾਸ ਦੇ ਖੇਤਰ ਵਿੱਚ ਸੂਬਾ ਸਰਕਾਰ ਨੇ ਅਹਿਮ ਫੈਸਲੇ ਲੈਂਦਿਆਂ ਔਰਤਾਂ ਨੂੰ ਪੰਚਾਇਤੀ ਅਤੇ ਸ਼ਹਿਰੀ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ 50 ਫੀਸਦੀ ਰਾਂਖਵਾਕਰਨ ਦੇਣ ਦੇ ਨਾਲ-ਨਾਲ ਵੱਖ-ਵੱਖ ਤਰ੍ਹਾਂ ਦੀ ਹਿੰਸਾ ਤੋਂ ਪੀੜਤ ਔਰਤਾਂ ਲਈ ਨਿਆਂ ਯਕੀਨੀ ਬਨਾਉਣ ਦੇ ਮਕਸਦ ਨਾਲ ਹਰ ਜ਼ਿਲ੍ਹੇ ’ਚ ਸਖੀ ਵਨ ਸਟਾਪ ਸੈਂਟਰ ਖੋਲ੍ਹਣ ਦੇ ਨਾਲ-ਨਾਲ ਤੇਜ਼ਾਬ ਹਮਲੇ ਤੋਂ ਪੀੜਤ ਔਰਤਾਂ ਨੂੰ ਹਰ ਮਹੀਨੇ 8 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾ ਰਹੀ ਹੈ।

ਹਲਕਾ ਸ਼ਾਮਚੁਰਾਸੀ ਤੋਂ ਵਿਧਾਇਕ ਪਵਨ ਕੁਮਾਰ ਆਦੀਆ ਅਤੇ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਸਮੇਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਰੁਨਾ ਚੌਧਰੀ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਨਾਲ ਸਬੰਧਤ ਕਈ ਮਸਲਿਆਂ ਦਾ ਢੁਕਵਾਂ ਹੱਲ ਕਰ ਦਿੱਤਾ ਗਿਆ ਹੈ ਅਤੇ ਰਹਿੰਦੇ ਮੁੱਦੇ ਵੀ ਹਮਦਰਦੀ ਨਾਲ ਵਿਚਾਰੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 155 ਬਲਾਕ ਅਤੇ 27 ਹਜ਼ਾਰ ਦੇ ਕਰੀਬ ਆਂਗਣਵਾੜੀ ਵਰਕਰ ਹਨ ਜਿਨ੍ਹਾਂ ਨੇ ਕੋਵਿਡ-19 ਮਹਾਮਾਰੀ ਦੌਰਾਨ ਫਰੰਟ ਲਾਈਨ ਵਰਕਰਾਂ ਵਜੋਂ ਸੇਵਾਵਾਂ ਦਿੰਦਿਆਂ ਆਪਣਾ ਅਹਿਮ ਯੋਗਦਾਨ ਪਾਇਆ। ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਨੇ ਇਕੱਲੇ ਲਾਕਡਾਊਨ ਦੌਰਾਨ 32 ਬਾਲ ਵਿਆਹਾਂ ਨੂੰ ਰੋਕਦਿਆਂ ਇਸ ਸਮਾਜਿਕ ਬੁਰਾਈ ਦੇ ਖਾਤਮੇ ਲਈ ਅਸਰਦਾਰ ਕਾਰਵਾਈ ਕੀਤੀ।

ਇਸ ਮੌਕੇ ਵਿਧਾਇਕ ਪਵਨ ਕੁਮਾਰ ਆਦੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਢੋਲਬਾਹਾ ’ਚ 13.78 ਕਰੋੜ ਰੁਪਏ ਦੀ ਲਾਗਤ ਨਾਲ ਨਿਰਮਾਣ ਅਧੀਨ ਸਰਕਾਰੀ ਕਾਲਜ ਦਾ ਲਗਭਗ 80 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਰਹਿੰਦਾ ਕੰਮ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕਾਲਜ ਢੋਲਬਾਹਾ ਅਤੇ ਇਸ ਦੇ ਆਲੇ-ਦੁਆਲੇ ਦੇ ਖੇਤਰਾਂ ਦੇ ਵਿਦਿਆਰਥੀਆਂ ਲਈ ਉਚੇਰੀ ਸਿੱਖਿਆ ਦੇ ਖੇਤਰ ਵਿੱਚ ਮੀਲ ਪੱਥਰ ਸਾਬਤ ਹੋਵੇਗਾ।

ਐਮ.ਐਲ.ਏ. ਡਾ. ਰਾਜ ਕੁਮਾਰ ਚੱਬੇਵਾਲ ਨੇ ਪੰਜਾਬ ਸਰਕਾਰ ਦੇ ਚਾਰ ਪੂਰੇ ਹੋਣ ’ਤੇ ਹਲਕਾ ਚੱਬੇਵਾਲ ’ਚ ਹੋਏ ਵੱਡੇ ਪੱਧਰ ’ਤੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਦੱਸਿਆ ਕਿ ਮੁਖਲਿਆਣਾ ਵਿੱਚ 16 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਸਰਕਾਰੀ ਕਾਲਜ (ਕੋਐਜੂਕੇਸ਼ਨ) ਲਈ ਜਮੀਨ ਐਕਵਾਇਰ ਕਰ ਲਈ ਗਈ ਹੈ ਅਤੇ ਜਲਦ ਹੀ ਉਸਾਰੀ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਚੱਬੇਵਾਲ ਹਲਕੇ ਵਿੱਚ ਆਈ.ਟੀ.ਆਈ. ਕਾਲਜ ਦੀ ਸਥਾਪਤੀ ਨੂੰ ਪੰਜਾਬ ਸਰਕਾਰ ਵਲੋਂ ਸਿਧਾਂਤਕ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ। ਲੋਕਾਂ ਨੂੰ ਮਿਲੀ ਵੱਡੀ ਰਾਹਤ ਬਾਰੇ ਗੱਲ ਕਰਦਿਆਂ ਡਾ. ਚੱਬੇਵਾਲ ਨੇ ਦੱਸਿਆ ਕਿ ਵਿਛੋਹੀ-ਪਰਸੋਵਾਲ ਚੋਅ ’ਤੇ 2.3 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਬ੍ਰਿਜ ਲੋਕਾਂ ਦੀ ਆਵਾਜਾਈ ਨੂੰ ਬਹੁਤ ਸੁਖਾਲਾ ਕਰੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹਲਕੇ ਅੰਦਰ ਸੜਕਾਂ ਬਨਾਉਣ ਅਤੇ ਰਿਪੇਅਰ ’ਤੇ 53.77 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਹਲਕੇ ਨੂੰ 10 ਖੇਡ ਮੈਦਾਨ ਅਤੇ 70 ਜਿੰਮ ਦਿੱਤੇ ਗਏ ਹਨ।

  ਇਸ ਮੌਕੇ ਚੇਅਰਮੈਨ ਪੰਜਾਬ ਪੱਛੜੀਆਂ ਸ਼ੇ੍ਰਣੀਆਂ ਕਮਿਸ਼ਨ ਸਰਵਣ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ, ਸਹਾਇਕ ਕਮਿਸ਼ਨਰ ਕਿਰਪਾਲ ਵੀਰ ਸਿੰਘ ਤੋਂ ਇਲਾਵਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਡਾ. ਕੁਲਦੀਪ ਨੰਦਾ, ਚੇਅਰਮੈਨ ਮਾਰਕੀਟ ਕਮੇਟੀ ਰਾਜੇਸ਼ ਗੁਪਤਾ, ਜ਼ਿਲ੍ਹਾ ਜਨਰਲ ਸਕੱਤਰ ਕਾਂਗਰਸ ਰਜਨੀਸ਼ ਟੰਡਨ, ਗੁਲਸ਼ਨ ਰਾਏ, ਦੀਪਕ ਪੁਰੀ, ਸ਼ਾਦੀ ਲਾਲ, ਸੁਨੀਸ਼ ਜੈਨ ਅਤੇ ਰਵੀ ਮੋਹਨ ਜੈਨ ਆਦਿ ਹਾਜ਼ਰ ਸਨ।  

Read more