ਫ਼ਸਲੀ ਰਹਿੰਦ-ਖੂਹੰਦ ਪ੍ਰੋਜੈਕਟ ਅਧੀਨ ਸਕੂਲੀ ਵਿਦਿਆਰਥੀਆਂ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ
ਸੰਗਰੂਰ, 11 ਫਰਵਰੀ:
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿ੍ਰਸੀ ਵਿਗਿਆਨ ਕੇਂਦਰ, ਖੇੜੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮੌੜਾਂ ਦੇ ਸਹਿਯੋਗ ਨਾਲ ਫ਼ਸਲਾਂ ਦੀ ਰਹਿੰਦ-ਖੂਹੰਦ ਦੇ ਸੁਚੱਜੇ ਪ੍ਰਭੰਧਨ ਸਬੰਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਬੱਚਿਆਂ ਦੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਦੇ ਵਿਸ਼ੇ ਉੱਪਰ ਪੇਂਟਿੰਗ, ਸਲੋਗਨ ਅਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਗਏ।
ਸੈਮੀਨਾਰ ਦੌਰਾਨ ਕਿ੍ਰਸੀ ਵਿਗਿਆਨ ਕੇਂਦਰ, ਖੇੜੀ ਦੇ ਐਸੋਸੀਏਟ ਡਾਇਰੈਕਟਰ ਡਾ. ਮਨਦੀਪ ਸਿੰਘ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਝੋਨੇ ਦੀ ਪਰਾਲੀ ਨੂੰ ਲਾਈ ਜਾਂਦੀ ਅੱਗ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਅਤੇ ਉਹਨਾ ਨੂੰ ਖੇਤ ਵਿੱਚ ਹੀ ਪਰਾਲੀ ਦੀ ਸਾਂਭ ਸੰਭਾਲ ਦੇ ਫਾਇਦਿਆਂ ਅਤੇ ਤਕਨੀਕਾਂ ਬਾਰੇ ਸਿੱਖਿਅਤ ਕੀਤਾ। ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ ਨੇ ਬੱਚਿਆ ਨੁੰ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਵਿਕਸਿਤ ਕੀਤੀ ਖੇਤੀ ਮਸ਼ੀਨਰੀ ਬਾਰੇ ਜਾਣੂੰ ਕਰਵਾਇਆ। ਡਾ. ਸਤਬੀਰ ਸਿੰਘ, ਸਹਾਇਕ ਪ੍ਰੋਫੈਸਰ ਨੇ ਪਸ਼ੂਆਂ ਨਾਲ ਸਬੰਧਤ ਖੇਤੀਬਾੜੀ ਦੇ ਸਹਾਇਕ ਧੰਦਿਆਂ ਵਿੱਚ ਪਰਾਲੀ ਦੀ ਵਰਤੋਂ ਬਾਰੇ ਚਾਨਣਾ ਪਾਇਆ। ਸਕੂਲ ਦੇ ਪਿ੍ਰੰਸੀਪਲ ਸ. ਜਰਨੈਲ ਸਿੰਘ ਜੀ ਨੇ ਬੱਚਿਆਂ ਨੂੰ ਅਜੋਕੇ ਸਮੇਂ ਵਿੱਚ ਕੁਦਰਤੀ ਸੋਮਿਆਂ ਦੀ ਸਹੀ ਤਰੀਕੇ ਨਾਲ ਵਰਤੋਂ ਕਰਨ ਅਤੇ ਇਹਨਾਂ ਦੀ ਸੁਚੱਜੀ ਸਾਂਭ ਸੰਭਾਲ ਬਾਰੇ ਦੱਸਿਆ।
ਇਸ ਪ੍ਰੋਗਰਾਮ ਵਿੱਚ ਲਗਭਗ 250 ਦੇ ਕਰੀਬ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇਸ ਪ੍ਰੋਗਰਾਮ ਦੌਰਾਨ ਸਕੂਲ ਦੀਆਂ 2 ਵਿਦਿਆਰਥਣਾ ਬੱਚੀਆਂ ਹਰਦੀਪ ਰਾਣੀ ਅਤੇ ਖੁਸ਼ਪ੍ਰੀਤ ਸ਼ਰਮਾ ਵੱਲੋਂ ਪਰਾਲੀ ਦੀ ਸੰਭਾਲ ਉੱਪਰ ਵਿਸ਼ੇਸ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇਸ ਪ੍ਰੋਗਰਾਮ ਵਿੱਚ ਖੇਤੀਬਾੜੀ ਅਧਿਆਪਕ ਸ੍ਰੀ ਮਤੀ ਨਵਨੀਤ ਕੌਰ ਨੇ ਮੰਚ ਸੰਚਾਲਨ ਦੀ ਭੂਮਿਕਾ ਬਹੁਤ ਸੁਚੱਜੇ ਢੰਗ ਨਾਲ ਨਿਭਾਈ। ਇਨਾਮ ਵੰਡ ਸਮਾਰੋਹ ਦੌਰਾਨ ਵੱਖ ਵੱਖ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਬੱਚਿਆਂ ਨੂੰ ਪਰਾਲੀ ਦੀ ਸਾਂਭ ਸੰਭਾਲ ਨਾਲ ਸਬੰਧਤ ਖੇਤੀ ਸਾਹਿਤ ਵੀ ਵੰਡਿਆ ਗਿਆ।