ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਹੋਈ ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ
· 26 ਜਨਵਰੀ ਨੂੰ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ੍ਰ. ਅਜਾਇਬ ਸਿੰਘ ਭੱਟੀ ਲਹਿਰਾਉਣਗੇ ਰਾਸ਼ਟਰੀ ਝੰਡਾ
ਫਿਰੋਜ਼ਪੁਰ 24 ਜਨਵਰੀ 2020 :
72ਵੇਂ ਗਣਤੰਤਰ ਦਿਵਸ ਦੇ ਜ਼ਿਲਾ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ 26 ਜਨਵਰੀ ਨੂੰ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰ. ਅਜਾਇਬ ਸਿੰਘ ਭੱਟੀ ਵੱਲੋਂ ਸਵੇਰੇ 9 ਵਜੇਂ ਹੁਸੈਨੀਵਾਲਾ ਸ਼ਹੀਦੀ ਸਮਾਰਕ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ 9:58 ਮਿੰਟ ਤੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਇਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਅੱਜ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਸ੍ਰ. ਗੁਰਪਾਲ ਸਿੰਘ ਚਹਿਲ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਜ਼ਿਲਾ ਪੁਲਿਸ ਮੁਖੀ ਸ੍ਰ. ਭੁਪਿੰਦਰ ਸਿੰਘ ਵੀ ਉਨਾਂ ਦੇ ਨਾਲ ਸਨ। ਇਸ ਦੌਰਾਨ ਪਰੇਡ ਕਮਾਂਡਰ ਡੀ. ਐਸ. ਪੀ ਕਰਨਸ਼ੇਰ ਸਿੰਘ ਢਿੱਲੋਂ ਦੀ ਅਗਵਾਈ ਵਿਚ ਵੱਖ–ਵੱਖ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਮੁੱਖ ਮਹਿਮਾਨ ਦੀ ਆਮਦ ਤੋਂ ਲੈ ਕੇ ਸਮਾਗਮ ਦੀ ਸਮਾਪਤੀ ਤੱਕ ਦੀ ਪੂਰੀ ਰਿਹਰਸਲ ਕੀਤੀ ਗਈ।
ਇਸ ਉਪਰੰਤ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਸ੍ਰ. ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਕੋਵਿਡ–19 ਕਾਰਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ ਵਾਰ ਗਣਤੰਤਰ ਦਿਵਸ ਮੌਕੇ ਬੱਚਿਆਂ ਦਾ ਪੀ. ਟੀ ਸ਼ੋਅ ਅਤੇ ਸੱਭਿਆਚਾਰਕ ਵੰਨਗੀਆਂ ਨਹੀਂ ਕਰਵਾਈਆਂ ਜਾ ਰਹੀਆਂ। ਉਨਾਂ ਦੱਸਿਆ ਕਿ ਸਮਾਗਮ ਦੌਰਾਨ ਵੱਖ–ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ। ਇਸ ਤੋਂ ਇਲਾਵਾ ਸ਼ਹੀਦਾਂ ਦੇ ਪਰਿਵਾਰਾਂ ਤੇ ਹੋਰਨਾਂ ਸਖਸੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਉਹ ਇਸ ਸਮਾਗਮ ਦੀ ਸਫਲਤਾ ਲਈ ਤਨੋਂ–ਮਨੋਂ ਯੋਗਦਾਨ ਪਾਉਣ।
ਜ਼ਿਲਾ ਪੁਲਿਸ ਮੁਖੀ ਸ੍ਰ. ਭੁਪਿੰਦਰ ਸਿੰਘ ਨੇ ਇਸ ਮੌਕੇ ਦੱਸਿਆ ਕਿ ਜ਼ਿਲਾ ਪੁਲਿਸ ਵੱਲੋਂ ਗਣਤੰਤਰ ਦਿਵਸ ਨੂੰ ਲੈ ਕੇ ਸੁਰੱਖਿਆ ਦੇ ਪੁਖ਼ਤਾ ਇੰਤਜਾਮ ਕੀਤੇ ਗਏ ਹਨ। ਇਸ ਤੋਂ ਇਲਾਵਾ ਸਮਾਗਮ ਦੌਰਾਨ ਸੁਚਾਰੂ ਆਵਾਜਾਈ ਅਤੇ ਪਾਰਕਿੰਗ ਆਦਿ ਦੇ ਵੀ ਢੁਕਵੇਂ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਕੌਰ, ਐਸ. ਡੀ. ਐਮ ਫਿਰੋਜ਼ਪੁਰ ਅਮਿਤ ਗੁਪਤਾ ਤੋਂ ਇਲਾਵਾ ਵੱਖ–ਵੱਖ ਵਿਭਾਗਾਂ ਦੇ ਜ਼ਿਲਾ ਅਧਿਕਾਰੀ ਹਾਜ਼ਰ ਸਨ।