ਸਰਕਾਰ ਵਲੋਂ ਕੋਰੋਨਾ ਖਿਲਾਫ ਲੜੀ ਜਾ ਰਹੀ ਜੰਗ ਵਿੱਚ ਹਰ ਪੰਜਾਬੀ ਸਾਥ ਦੇਵੇ – ਤ੍ਰਿਪਤ ਬਾਜਵਾ

ਬਟਾਲਾ, 24 ਮਾਰਚ – ਪੰਜਾਬ ਦੇ ਕੈਬਨਿਟ ਮੰਤਰੀ  ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸੂਬੇ ਭਰ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਨੂੰ ਖਤਮ ਕਰਨ ਲਈ ਲੜੀ ਜਾ ਰਹੀ ਲੜ੍ਹਾਈ ਵਿੱਚ ਪੰਜਾਬ ਸਰਕਾਰ ਦਾ ਸਾਥ ਦੇਣ। ਅੱਜ ਏਥੋਂ ਜਾਰੀ ਇੱਕ ਪ੍ਰੈੱਸ ਬਿਆਨ ਵਿੱਚ ਕੈਬਨਿਟ ਮੰਤਰੀ ਸ. ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਦੀ ਸਿਹਤ ਸੁਰੱਖਿਆ ਲਈ ਪੂਰੀ ਤਰ੍ਹਾਂ ਚਿੰਤਤ ਹੈ ਅਤੇ ਸਰਕਾਰ ਵਲੋਂ ਇਸ ਸਬੰਧੀ ਸਾਰੇ ਜਰੂਰੀ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਕੋਰੋਨਾ ਖਿਲਾਫ ਜੰਗ ਦੀ ਨਿਗਰਾਨੀ ਕਰ ਰਹੇ ਹਨ। 

ਕੈਬਨਿਟ ਮੰਤਰੀ ਬਾਜਵਾ ਨੇ ਕਿਹਾ ਕਿ ਕੋਰੋਨਾ ਦੀ ਮਹਾਂਮਾਰੀ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਮਜ਼ਬੂਰਨ ਸੂਬੇ ਭਰ ਵਿੱਚ ਕਰਫਿਊ ਲਗਾਉਣਾ ਪਿਆ ਹੈ ਅਤੇ ਕੇਵਲ ਇਸ ਜਰੀਏ ਹੀ ਅਸੀਂ ਇਸ ਬਿਮਾਰੀ ਨੂੰ ਫੈਲਣ ਤੋਂ ਰੋਕ ਸਕਦੇ ਹਾਂ। ਉਨ੍ਹਾਂ ਕਿਹਾ ਕਿ ਕਰਫਿਊ ਦੌਰਾਨ ਹਰ ਕਿਸੇ ਨੂੰ ਆਪਣੇ ਘਰ ਵਿੱਚ ਹੀ ਰਹਿਣਾ ਚਾਹੀਦਾ ਹੈ ਅਤੇ ਜੇਕਰ ਅਸੀਂ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਾਂਗੇ ਤਾਂ ਜਲਦੀ ਹੀ ਇਸ ਬਿਮਾਰੀ ਉੱਪਰ ਜਿੱਤ ਪਾ ਲਵਾਂਗੇ। 

ਸ. ਬਾਜਵਾ ਨੇ ਕਿਹਾ ਕਿ ਲੋਕਾਂ ਨੂੰ ਕਰਫਿਊ ਦੌਰਾਨ ਕਿਸੇ ਪ੍ਰਕਾਰ ਦੀ ਕੋਈ ਪਰੇਸ਼ਾਨੀ ਨਾ ਆਵੇ ਇਸ ਲਈ ਰਾਜ ਸਰਕਾਰ ਵਲੋਂ ਜਰੂਰਤ ਦੀਆਂ ਵਸਤਾਂ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਦੇ ਯਤਨ ਅਰੰਭੇ ਗਏ ਹਨ। ਉਨ੍ਹਾਂ ਕਿਹਾ ਕਿ ਦੁੱਧ, ਰਾਸ਼ਨ ਅਤੇ ਦਵਾਈਆਂ ਦੀ ਸਪਲਾਈ ਮੰਗ ਹੋਣ ’ਤੇ ਘਰ ਤੱਕ ਹੀ ਪਹੁੰਚਾਈ ਜਾਵੇਗੀ ਤਾਂ ਜੋ ਕੋਈ ਵੀ ਬਸ਼ਿੰਦਾ ਆਪਣੇ ਘਰ ਤੋਂ ਬਾਹਰ ਨਾ ਆਵੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਸਮੇਤ ਸਾਰੇ ਜਰੂਰੀ ਵਿਭਾਗ ਆਪਣੀਆਂ ਸੇਵਾਵਾਂ ਵਿੱਚ ਲੱਗੇ ਹੋਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਕਿਸੇ ਨੂੰ ਇਸ ਔਖੀ ਘੜ੍ਹੀ ਵਿੱਚ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇੱਕ ਆਮ ਨਾਗਰਿਕ ਦਾ ਕੋਰੋਨਾ ਖਿਲਾਫ ਜੰਗ ਵਿੱਚ ਸਭ ਤੋਂ ਵੱਡਾ ਯੋਗਦਾਨ ਏਹੀ ਹੋਵੇਗਾ ਕਿ ਉਹ ਆਪਣੇ ਘਰ ਤੋਂ ਬਾਹਰ ਨਾ ਨਿਕਲੇ।

Read more