ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਕੋਰੋਨਾ ਵਾਇਰਸ ਦਾ ਇਕ ਵੀ ਕੇਸ ਨਹੀਂ ਆਇਆ ਸਾਹਮਣੇ

– ਹੁਣ ਤੱਕ 16 ਸ਼ੱਕੀ ਮਰੀਜ਼ਾਂ ਦੀਆਂ ਰਿਪੋਰਟਾਂ ਆਈਆਂ ਨੈਗੇਟਿਵ

ਫਤਹਿਗੜ੍ਹ ਸਾਹਿਬ, 04 ਅਪ੍ਰੈਲ: ਵਧੀਕ ਡਿਪਟੀ ਕਮਿਸ਼ਨਰ-ਕਮ- ਨੋਡਲ ਅਫਸਰ ਕੋਵਿਡ-19 ਕੰਟਰੋਲ, ਸ੍ਰੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ 16 ਸ਼ੱਕੀ ਮਰੀਜ਼ਾਂ ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ ਅਤੇ 30 ਦੀਆਂ ਰਿਪੋਰਟਾਂ ਆਉਣੀਆਂ ਬਾਕੀ ਹਨ I ਜ਼ਿਲ੍ਹੇ ਵਿੱਚ ਹਾਲੇ ਤੱਕ ਕੋਰੋਨਾ ਵਾਇਰਸ ਦਾ ਇਕ ਵੀ ਮਾਮਲਾ ਸਾਹਮਣੇ ਨਹੀਂ ਆਇਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਬਾਹਰੋਂ ਆਏ ਸਾਰੇ 795 ਵਿਅਕਤੀਆਂ ਨੂੰ ਟਰੇਸ ਕਰ ਲਿਆ ਗਿਆ ਹੈ। ਇਨ੍ਹਾਂ ਵਿਚੋਂ 641 ਆਪਣਾ ਇਕਾਂਤਵਾਸ (ਕੁਆਰੰਟੀਨ) ਦਾ ਸਮਾਂ ਪੂਰਾ ਕਰ ਚੁੱਕੇ ਹਨ  ਤੇ ਰਹਿੰਦੇ 154 ਵਿਅਕਤੀਆਂ ਨੂੰ ਘਰ ਵਿਚ ਹੀ ਇਕਾਂਤਵਾਸ ਕੀਤਾ ਗਿਆ ਹੈ। 

ਵਧੀਕ ਡਿਪਟੀ ਕਮਿਸ਼ਨਰ-ਕਮ- ਨੋਡਲ ਅਫਸਰ ਕੋਵਿਡ-19 ਕੰਟਰੋਲ ਨੇ ਕਿਹਾ ਕਿ ਦੁਨੀਆਂ ਭਰ ਵਿੱਚ ਕੋਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਨੂੰ ਧਿਆਨ ਵਿੱਚ ਰੱਖਦੇ ਹੋਏ  ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।

ਸ. ਜਸਪ੍ਰੀਤ ਸਿੰਘ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਕਿ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਹਨਾਂ ਦੱਸਿਆ ਕਿ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਇਆ ਜਾਵੇ।ਖੰਘ ਜਾਂ ਛਿੱਕਣ ਸਮੇਂ ਆਪਣਾ ਮੂੰਹ ਅਤੇ ਨੱਕ ਰੁਮਾਲ ਨਾਲ ਢੱਕਿਆ ਜਾਵੇ।ਇਸ ਲਈ ਫਲੂ ਵਰਗੇ ਲੱਛਣਾਂ ਵਾਲੇ ਵਿਅਕਤੀ ਤੋਂ ਇੱਕ ਮੀਟਰ ਦੀ ਦੂਰੀ ਬਣਾ ਕੇ ਰੱਖੀ ਜਾਵੇ।ਕਿਸੇ ਵੀ ਵਿਅਕਤੀ ਨਾਲ ਹੱਥ ਨਾ ਮਿਲਾਇਆ ਜਾਵੇ। ਖੰਘ,ਬੁਖਾਰ ਜਾਂ ਸਾਹ ਲੈਣ ਵਿੱਚ ਦਿੱਕਤ ਆਉਣ ਦੀ ਸੂਰਤ ਵਿੱਚ, ਤੁਰੰਤ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਬਿਮਾਰੀ ਨਾਲ ਨਿਪਟਣ ਲਈ ਜ਼ਿਲ੍ਹੇ ਅੰਦਰ ਪੁਖਤਾ ਪ੍ਰਬੰਧ ਕੀਤੇ ਗਏ ਹਨ।ਜ਼ਿਲ੍ਹੇ ਅਧੀਨ ਪੈਂਦੇ ਹਸਪਤਾਲਾਂ ਵਿੱਚ ਕੋਰੋਨਾ ਦੇ ਸ਼ੱਕੀ ਮਰੀਜ਼ਾਂ ਨੂੰ ਦਾਖਲ ਕਰਨ ਲਈ ਆਈਸੋਲੇਸ਼ਨ ਵਾਰਡ ਬਣਾਏ ਗਏ ਹਨ। ਉਹਨਾਂ ਕਿਹਾ ਕਿ ਘਰ ਵਿੱਚ ਰਹਿ ਕੇ ਹੀ ਇਸ ਬਿਮਾਰੀ ਖਿਲਾਫ ਜੰਗ ਵਿੱਚ ਸਰਕਾਰ ਨੂੰ ਸਹਿਯੋਗ ਦਿੱਤਾ ਜਾਵੇ।

Read more