ਘਰਾਂ ਵਿਚ ਰਹਿ ਕੇ ਕੋਰੋਨਾ ਵਾਇਰਸ ਨੂੰ ਮਾਤ ਦੇਣ ਵਿੱਚ ਯੋਗਦਾਨ ਪਾਉਣ ਲੋਕ : ਨਾਗਰਾ

ਫਤਹਿਗੜ੍ਹ ਸਾਹਿਬ, 28 ਮਾਰਚ: ਕੋਰੋਨਾ ਵਾਇਰਸ ਨੂੰ ਠੱਲ ਪਾਉਣ ਦੇ ਮੱਦੇਨਜ਼ਰ ਸਰਕਾਰ ਵੱਲੋਂ ਵੱਖ ਵੱਖ ਕਦਮ ਚੁੱਕੇ ਜਾ ਰਹੇ ਹਨ, ਜ਼ਿਨ੍ਹਾਂ ਤਹਿਤ  ਕਰਫਿਊ ਵੀ ਲਾਇਆ ਗਿਆ ਹੈ। ਇਸ ਲਈ ਲੋਕ ਘਰਾਂ ਵਿਚ ਰਹਿ ਕੇ ਇਸ ਬਿਮਾਰੀ ਦੇ ਖਾਤਮੇ ਲਈ ਸਰਕਾਰ ਨੂੰ ਸਹਿਯੋਗ ਦੇਣ ਅਤੇ ਨਾਲ ਹੀ ਸਰਕਾਰ ਵੱਲੋਂ ਸਮੇਂ ਸਮੇਂ ਉਤੇ ਜਾਰੀ ਕੀਤੀਆਂ ਜਾਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ।  ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵੱਖ ਵੱਖ ਪੁਲਿਸ ਥਾਣਿਆਂ ਵਿੱਚ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ। ਉਨ੍ਹਾਂ ਨੇ ਇਸ ਦੌਰਾਨ ਸਿਵਲ ਹਸਪਤਾਲ ਵਿਖੇ  ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੋਰੋਨਾ ਸਬੰਧੀ ਸਥਿਤੀ ਦਾ ਜਾਇਜ਼ਾ ਵੀ ਲਿਆ ਅਤੇ ਸਿਹਤ ਵਿਭਾਗ ਦੀ ਕਾਰਗੁਜ਼ਾਰੀ ਦੀ ਭਰਵੀਂ ਸ਼ਲਾਘਾ ਕੀਤੀ।

ਹਲਕਾ ਵਿਧਾਇਕ ਨੇ ਥਾਣਾ ਬਡਾਲੀ ਆਲਾ ਸਿੰਘ, ਥਾਣਾ ਸਰਹਿੰਦ, ਥਾਣਾ ਫਤਹਿਗੜ੍ਹ ਸਾਹਿਬ ਅਤੇ ਥਾਣਾ ਮੂਲੇਪੁਰ ਵਿਖੇ ਪੁਲਿਸ ਮੁਲਾਜ਼ਮਾਂ ਨਾਲ ਮੀਟਿੰਗ ਦੌਰਾਨ ਪੁਲਿਸ ਵੱਲੋਂ ਨਿਭਾਈ ਜਾ ਰਹੀ ਡਿਊਟੀ ਅਤੇ ਲੋੜਵੰਦਾਂ ਤੱਕ ਜ਼ਰੂਰੀ ਸਾਮਾਨ ਪੁੱਜਦਾ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।

ਉਨ੍ਹਾਂ ਨੇ ਪੁਲਿਸ ਮੁਲਾਜਮਾਂ ਨੂੰ ਹੱਲਾਸ਼ੇਰੀ ਦਿੰਦਿਆਂ ਇਸ ਔਖੀ ਘੜੀ ਵਿੱਚ ਇਸੇ ਤਰ੍ਹਾਂ ਇਮਾਨਦਾਰੀ ਤੇ ਸ਼ਿੱਦਤ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਆ।  ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੇ  ਕੋਰੋਨਾ ਵਾਇਰਸ ਸਬੰਧੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਨਾਲ ਹੀ ਸਿਹਤ ਵਿਭਾਗ ਦੇ ਅਮਲੇ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ।  ਉਨ੍ਹਾਂ ਕਿਹਾ ਕਿ  ਸਿਹਤ ਵਿਭਾਗ ਪੂਰੀ ਮੁਸਤੈਦੀ ਨਾਲ ਕੰਮ ਕਰ ਰਿਹਾ ਹੈ ਅਤੇ ਹਲਕਾ ਫਤਹਿਗੜ੍ਹ ਸਾਹਿਬ ਸਮੇਤ ਸਮੁੱਚੇ ਜ਼ਿਲ੍ਹੇ ਵਿੱਚੋਂ ਹਾਲੇ ਤੱਕ ਕੋਰੋਨਾ ਵਾਇਰਸ ਸਬੰਧੀ ਇਕ ਵੀ ਕੇਸ ਸਾਹਮਣੇ ਨਹੀਂ ਆਇਆ ਹੈ।

 ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਸਮੱਸਿਆ ਦੇ ਹੱਲ ਲਈ ਦਿਨ ਰਾਤ ਇਕ ਕਰਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਕੇ ਸਰਕਾਰ ਨੂੰ ਇਸ ਮੁਸ਼ਕਿਲ ਦੇ ਖਾਤਮੇ ਸਬੰਧੀ ਸਹਿਯੋਗ ਦਿੰਦੇ ਰਹਿਣ। ਪੰਜਾਬ ਸਰਕਾਰ ਇਸ ਸਮੱਸਿਆ ਦੇ ਹੱਲ ਸਬੰਧੀ ਕੋਈ ਵੀ ਕਸਰ ਬਾਕੀ ਨਹੀਂ ਛੱਡੇਗੀ। ਇਸ ਮੌਕੇ  ਡੀ ਐਸ ਪੀ ਰਮਿੰਦਰ ਸਿੰਘ ਕਾਹਲੋਂ, ਸੀਨੀਅਰ ਮੈਡੀਕਲ ਅਫਸਰ ਕੁਲਦੀਪ ਸਿੰਘ ਵੀ ਹਾਜ਼ਰ ਸਨ।

Read more