19 Apr 2021

ਕੈਪਟਨ ਅਮਰਿੰਦਰ ਵੱਲੋਂ ਹੜ ਰੋਕੂ ਕੰਮਾਂ ਲਈ 130 ਕਰੋੜ ਰੁਪਏ ਮਨਜ਼ੂਰ

ਚੰਡੀਗੜ, 7 ਅਪਰੈਲ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੂਬੇ ਵਿੱਚ ਵੱਖ-ਵੱਖ ਹੜ ਰੋਕੂ ਕੰਮਾਂ ਲਈ 130 ਕਰੋੜ ਰੁਪਏ ਮਨਜ਼ੂਰ ਕੀਤੇ ਅਤੇ ਸਿੰਜਾਈ ਤੇ ਮਾਲ ਵਿਭਾਗਾਂ ਨੂੰ ਆਗਾਮੀ ਮਾਨਸੂਨ ਸੀਜ਼ਨ ਤੋਂ ਪਹਿਲਾਂ ਇਹ ਕੰਮ ਪੂਰੇ ਕਰਨਾ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ।

ਵੀਡਿਓ ਕਾਨਫਰੰਸ ਰਾਹੀਂ ਸੂਬਾਈ ਹੜ ਰੋਕੂ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਭਾਰੀ ਬਾਰਸ਼/ਹੜਾਂ ਦੀ ਸੂਰਤ ਵਿੱਚ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਹੜ ਸੰਭਾਵੀ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਦੀ ਸਪੁਰਦਗੀ ਵਿੱਚ 10 ਕਰੋੜ ਰੁਪਏ ਰੱਖਣ ਦੇ ਵੀ ਆਦੇਸ਼ ਦਿੱਤੇ। ਮੁੱਖ ਮੰਤਰੀ ਨੇ ਇਨਾਂ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਕੰਮਾਂ ਨੂੰ ਤਰਜੀਹ ਦੇਣ ਅਤੇ ਫੰਡਾਂ ਦੀ ਪ੍ਰਵਾਨਗੀ ਲਈ ਵਿੱਤ ਵਿਭਾਗ ਨੂੰ ਧਿਆਨ ਦੇਣ ਵਾਲੇ ਪ੍ਰਾਜੈਕਟਾਂ ਦੀ ਸੂਚੀ ਸੌਂਪਣ।

ਉਨਾਂ ਡੀਸੀਜ਼ ਨੂੰ ਜਲ ਸਰੋਤ ਵਿਭਾਗ ਨਾਲ ਤਾਲਮੇਲ ਕਰ ਕੇ ਡਰੇਨਾਂ ਦੀ ਨਿਕਾਸੀ ਤੇ ਸਫਾਈ ਕਰਨ ਦੇ ਵੀ ਹੁਕਮ ਦਿੱਤੇ। ਉਨਾਂ ਕਿਹਾ ਕਿ ਅਜਿਹੇ ਸਾਰੇ ਕੰਮ ਤੁਰੰਤ ਕੀਤੇ ਜਾਣੇ ਚਾਹੀਦੇ ਹਨ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਆਗਾਮੀ ਮਾਨਸੂਨ ਸੀਜ਼ਨ ਤੋਂ ਪਹਿਲਾਂ ਮੁਕੰਮਲ ਹੋ ਜਾਣ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸ਼ਹਿਰੀ ਖੇਤਰਾਂ ਵਿੱਚ ਪਾਣੀ ਖੜੇ ਹੋਣ ਦੀ ਸਮੱਸਿਆ ਤੋਂ ਬਚਾਅ ਲਈ ਸ਼ਹਿਰੀ ਡਰੇਨਾਂ ਦੀ ਵੀ ਚੰਗੀ ਤਰਾਂ ਸਫਾਈ ਕਰਵਾਉਣ ਲਈ ਕਿਹਾ।

ਸੂਬੇ ਵਿਚਲੇ ਜਲ ਭੰਡਾਰਾਂ ਅਤੇ ਡੈਮਾਂ ਦੀ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਮੁੱਖ ਮੰਤਰੀ ਨੇ ਪਾਣੀ ਦੇ ਮੌਜੂਦਾ ਘਟਦੇ ਪੱਧਰ ’ਤੇ ਚਿੰਤਾ ਜ਼ਾਹਰ ਕੀਤੀ ਜੋ ਉਨਾਂ ਅਨੁਸਾਰ ਪਿਛਲੇ 40 ਸਾਲਾਂ ਵਿੱਚ ਸਭ ਤੋਂ ਘੱਟ ਹੈ।

ਮੁੱਖ ਸਕੱਤਰ ਵਿਨੀ ਮਹਾਜਨ ਨੇ ਵਿਆਪਕ ਪਹੁੰਚ ਨਾਲ ਲੋੜੀਂਦੇ ਕਾਰਜਾਂ ਨੂੰ ਨੇਪਰੇ ਚਾੜਨ ਦੀ ਲੋੜ ’ਤੇ ਜ਼ੋਰ ਦਿੱਤਾ ਅਤੇ ਮਨਰੇਗਾ ਤੇ ਹੋਰ ਸਰਕਾਰੀ ਯੋਜਨਾਵਾਂ ਅਧੀਨ ਕਾਰਜ ਸ਼ੁਰੂ ਕਰਨ ਦੀ ਸੰਭਾਵਨਾ ਦਾ ਪਤਾ ਲਗਾਉਣ ਲਈ ਕਿਹਾ।

ਮੀਟਿੰਗ ਦੌਰਾਨ ਵਿੱਤ ਕਮਿਸ਼ਨਰ ਮਾਲ ਵਿਸਵਾਜੀਤ ਖੰਨਾ ਨੇ ਦੱਸਿਆ ਕਿ ਹੜਾਂ ਕਾਰਨ ਪੈਦਾ ਹੋਈ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਕਰਨ ਲਈ ਇਹ ਰਕਮ ਵੀ ਡਿਜਾਸਟਰ ਰਿਸਪਾਂਸ ਫੰਡ (ਐਸ.ਡੀ.ਆਰ.ਐਫ.) ਵਿੱਚ ਰੱਖੀ ਗਈ ਹੈ,  ਜਿਸ ਨਾਲ ਪ੍ਰਭਾਵਿਤ ਲੋਕਾਂ ਨੂੰ ਖੜੀਆਂ ਫਸਲਾਂ, ਮਕਾਨ ਅਤੇ ਪਸ਼ੂਆਂ ਦੇ ਨੁਕਸਾਨ ਤੋਂ ਇਲਾਵਾ ਜਾਨ-ਮਾਲ ਦੇ ਨੁਕਸਾਨ ਲਈ ਮੁਆਵਜ਼ੇ ਵਜੋਂ ਰਾਹਤ ਪ੍ਰਦਾਨ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਪ੍ਰਮੁੱਖ ਸਕੱਤਰ ਵਿੱਤ ਕੇ.ਏ.ਪੀ. ਸਿਨਹਾ ਅਤੇ ਪ੍ਰਮੁੱਖ ਸਕੱਤਰ ਜਲ ਸਰੋਤ ਸਰਵਜੀਤ ਸਿੰਘ ਤੋਂ ਇਲਾਵਾ ਡਿਪਟੀ ਕਮਿਸ਼ਨਰ ਮੌਜੂਦ ਸਨ।

Read more