19 Apr 2021

ਸਰਕਾਰ ਨੇ ਰੇਤ, ਸ਼ਰਾਬ ਅਤੇ ਨਸ਼ਾ ਮਾਫੀਆ ਦਾ ਲੱਕ ਤੋੜਿਆ -ਸੋਨੀ

ਅੰਮ੍ਰਿਤਸਰ, 18 ਮਾਰਚ: ਆਪਣੀ ਸਰਕਾਰ ਦੇ ਚਾਰ ਵਰ੍ਹੇ ਮੁਕੰਮਲ ਹੋਣ ‘ਤੇ ਅੰਮ੍ਰਿਤਸਰ  ਵਿੱਚ ਕੀਤੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਸਾਡੀ ਸਰਕਾਰ ਖੇਤੀ ਕਾਨੂੰਨਾਂ ਦੀ ਜ਼ੋਰਦਾਰ ਮੁਖਾਲਫ਼ਤ ਕਰਦੀ ਹੈ ਅਤੇ ਜੇਕਰ  ਰਾਸ਼ਟਰਪਤੀ ਨੇ ਪੰਜਾਬ ਵਲੋਂ ਪਾਸ ਕੀਤੇ ਗਏ ਬਿੱਲਾਂ ਨੂੰ ਸਹਿਮਤੀ ਨਾ ਦਿੱਤੀ ਤਾਂ ਅਸੀਂ ਸੁਪਰੀਮ ਕੋਰਟ ਜਾਵਾਂਗੇ।

 

ਉਨਾਂ ਕਿਹਾ ਕਿ ਇਸ ਦੇ ਨਾਲ ਹੀ ਕੇਂਦਰ ਸਰਕਾਰ ਕਿਸਾਨਾਂ ਅਤੇ ਆੜ੍ਹਤੀਆਂ ਵਿਚਕਾਰ ਲੰਮੇ ਸਮੇਂ ਤੋਂ ਅਜ਼ਮਾਏ ਸਬੰਧਾਂ ਨੂੰ ਤੋੜਨ ਦੀ ਕੋਸ਼ਿਸ਼ ਕਿਉਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਨਵੇਂ ਕਾਨੂੰਨ ਮੌਜੂਦਾ ਪ੍ਰਣਾਲੀ ਵਿਚ ਕੋਈ ਸੁਧਾਰ ਨਹੀਂ ਕਰਨਗੇ ਬਲਕਿ ਖੇਤੀਬਾੜੀ ਸੈਕਟਰ ਨੂੰ ਤਬਾਹ ਕਰ ਦੇਣਗੇ। ਸ੍ਰੀ ਸੋਨੀ ਨੇ ਕਿਹਾ ਕਿ ਖੇਤੀਬਾੜੀ ਸੂਬੇ ਦਾ ਵਿਸ਼ਾ ਹੈ ਅਤੇ ਕੇਂਦਰ ਨੂੰ ਇਸ ਮਾਮਲੇ ਸਬੰਧੀ ਕਾਨੂੰਨ ਬਣਾਉਣ ਦਾ ਕੋਈ ਅਧਿਕਾਰ ਨਹੀਂ ਸੀ। ਉਨ੍ਹਾਂ ਨੇ ਸੂਬੇ ਦੀਆਂ ਸ਼ਕਤੀਆਂ ਵਿੱਚ ਅੜਿਕਾ ਪੈਦਾ ਕਰਕੇ ਸੰਵਿਧਾਨ ਵਿਚ ਦਰਜ ਸੰਘੀ ਢਾਂਚੇ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਲਈ ਕੇਂਦਰ ਸਰਕਾਰ ਦੀ ਨਿੰਦਿਆ ਕੀਤੀ।

 

ਆਪਣੀ ਸਰਕਾਰ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਗਿਣਾਉਂਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਦਾ ਲੱਕ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੰਜਾਬ ਪੁਲਿਸ ਦੇ ਆਪ੍ਰੇਸ਼ਨ ਰੈਡ ਰੋਜ਼ ਦੀ ਸਫਲਤਾ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਸ਼ੇ ਦੀ ਸਥਿਤੀ ਵਿੱਚ ਬਹੁਤ ਸੁਧਾਰ ਹੋਇਆ ਹੈ ਅਤੇ ਰੋਜ਼ਾਨਾ ਹੀ ਵੱਡੀਆਂ ਖੇਪਾਂ ਨਸ਼ੇ ਦੀਆਂ ਬਰਾਮਦ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਵੱਖ-ਵੱਖ ਮਾਫੀਆ (ਰੇਤ, ਸ਼ਰਾਬ, ਟਰਾਂਸਪੋਰਟ, ਨਸ਼ਾ ਆਦਿ) ਨੂੰ ਖਤਮ ਕਰਨ ਦੀ ਪ੍ਰਕਿਰਿਆ ਨਿਰੰਤਰ ਜਾਰੀ ਹੈ ਅਤੇ ਪਿਛਲੇ ਚਾਰ ਸਾਲਾਂ ਦੌਰਾਨ ਇਨ੍ਹਾਂ ਦਾ ਲੱਕ ਬੁਰੀ ਤਰ੍ਹਾਂ ਤੋੜ ਦਿੱਤਾ ਗਿਆ ਹੈ।

                   ਪਿਛਲੀ ਸਰਕਾਰ ਦੌਰਾਨ ਰੇਤੇ ਰਾਹੀਂ ਹੁੰਦੀ 35 ਕਰੋੜ ਰੁਪਏ ਦੀ ਆਮਦਨ ਮੌਜੂਦਾ ਸਮੇਂ ਵਿੱਚ ਵਧ ਹੋ ਕੇ 350 ਕਰੋੜ ਰੁਪਏ ਤੱਕ ਪੁੱਜ ਜਾਣ ਬਾਰੇ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪ੍ਰਗਤੀ ਸਪੱਸ਼ਟ ਤੌਰ ‘ਤੇ ਦਿਖਾਈ ਦੇ ਰਹੀ ਹੈ। ਇਸੇ ਤਰ੍ਹਾਂ ਸ਼ਰਾਬ ਦੀ ਖਰੀਦ ਤੋਂ ਆਬਕਾਰੀ ਕਮਾਈ ਜਿਹੜੀ ਪਿਛਲੀ ਸਰਕਾਰ ਸਮੇਂ 4300 ਕਰੋੜ ਰੁਪਏ ਸੀ, ਉਹ ਮੌਜੂਦਾ ਵਿੱਤੀ ਵਰ੍ਹੇ ਵਿੱਚ 7200 ਕਰੋੜ ਰੁਪਏ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਭ ਕੋਵਿਡ ਦੀ ਸਥਿਤੀ ਕਾਰਨ ਪੈਦਾ ਹੋਈਆਂ ਸਮੱਸਿਆਂ ਦੇ ਬਾਵਜੂਦ ਸੰਭਵ ਹੋਇਆ ਹੈ।

 

ਆਪਣੇ ਵਿਭਾਗ ਦੀ ਗੱਲ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਸਰਕਾਰੀ ਮੈਡੀਕਲ ਕਾਲਜ ਮੋਹਾਲੀ ਸਾਲ 2020-21 ਦੌਰਾਨ ਕਾਰਜਸ਼ੀਲ ਹੋ ਜਾਵੇਗਾ। ਇਸ ਦਾ ਨਾਂ ਡਾਕਟਰ ਬੀ.ਆਰ. ਅੰਬੇਡਕਰ ਸਟੇਟ ਮੈਡੀਕਲ ਸਾਇੰਸਜ਼ ਇੰਸਟੀਚਿਊਟ ‘ਤੇ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਹੁਸ਼ਿਆਰਪੁਰ ਵਿਖੇ 325 ਕਰੋੜ ਰੁਪਏ ਦੀ ਲਾਗਤ ਨਾਲ ਸ਼ਹੀਦ ਊਧਮ ਸਿੰਘ ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਅਤੇ ਅੰਮ੍ਰਿਤਸਰ ਵਿਖੇ ਸਰਕਾਰੀ ਮੈਡੀਕਲ ਕਾਲਜਾਂ ਵਿਚ 550 ਅਸਾਮੀਆਂ ਬਣਾਉਣ ਦੀ ਪ੍ਰਵਾਨਗੀ ਦਿੱਤੀ ਗਈ। ਇਸਦੇ ਨਾਲ ਹੀ ਕਪੂਰਥਲਾ ਵਿਖੇ 325 ਕਰੋੜ ਰੁਪਏ ਦੀ ਲਾਗਤ ਨਾਲ ਗੁਰੂ ਨਾਨਕ ਦੇਵ ਸਰਕਾਰੀ ਮੈਡੀਕਲ ਕਾਲਜ ਦੀ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਨਰਸਾਂ, ਟੈਕਨੀਸ਼ੀਅਨ ਅਤੇ ਦਰਜਾ ਚਾਰ ਦੇ ਕਰਮਚਾਰੀਆਂ ਦੀਆਂ 464 ਵਿਸ਼ੇਸ਼ ਅਸਾਮੀਆਂ ਅਤੇ ਵੀਡੀਆਰਐਲ / ਐਮਆਰਯੂ ਲੈਬ ਪ੍ਰੋਜੈਕਟਾਂ ਦੀਆਂ 20 ਅਸਾਮੀਆਂ, ਸਿਹਤ ਵਿਭਾਗ ਵਿਚ ਮੌਜੂਦਾ 3954 ਖਾਲੀ ਰੈਗੂਲਰ ਅਸਾਮੀਆਂ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵਿਚ 291 ਅਸਾਮੀਆਂ ਭਰਨ ਲਈ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ 120 ਕਰੋੜ ਦੀ ਲਾਗਤ ਵਾਲਾ ਸਟੇਟ ਕੈਂਸਰ ਇੰਸਟੀਚਿਊਟ ਸਥਾਪਤ ਕੀਤਾ ਜਾ ਰਿਹਾ ਹੈ।

 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਲੈ ਕੇ ਗੰਭੀਰ ਹੈ ਅਤੇ ਮੁੱਖ ਮੰਤਰੀ ਦੀ ਅਗਵਾਈ ਹੇਠ ਸਖ਼ਤੀ ਕੀਤੀ ਜਾ ਰਹੀ ਹੈ ਅਤੇ ਇਸ ਲਈ ਲੋਕਾਂ ਨੂੰ ਵੀ ਪੰਜਾਬ ਦੇ ਭਲੇ ਲਈ ਸਹਿਯੋਗ ਦੇਣ ਦੀ ਲੋੜ ਹੈ ਤਾਂ ਹੀ ਅਸੀਂ ਇਸ ਨੂੰ ਆਪਣੇ ਪਿਅਰਿਆਂ ਨੂੰ ਕੋਰੋਨਾ ਦੇ ਖ਼ਤਰੇ ਤੋਂ ਬਚਾ ਸਕਾਂਗੇ।

Read more