– ਪੰਜਾਬ ਸਿਵਲ ਸਕੱਤਰੇਤ-2 ਵਿਖੇ ਰੈਲੀ ਕਰਕੇ ਕੀਤਾ ਐਲਾਨ
ਚੰਡੀਗੜ੍ਹ, 5 ਮਾਰਚ, 2021: ਅੱਜ ਪੰਜਾਬ ਸਿਵਲ ਸਕੱਤਰੇਤ -2(ਮਿੰਨੀ ਸਕੱਤਰੇਤ, ਪੰਜਾਬ) ਵਿਖੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਰੈਲੀ ਕਰਦੇ ਹੋਏ ਜਬਰਦਸਤ ਨਾਅਰੇਬਾਜ਼ੀ ਕੀਤੀ ਗਈ । ਦੱਸਣਯੋਗ ਹੈ ਕਿ ਸਰਕਾਰ ਵੱਲੋਂ ਤਨਖਾਹ ਕਮਿਸ਼ਨ ਦੀ ਰਿਪੋਰਟ 28.02.2021 ਤੱਕ ਪੇਸ਼ ਕੀਤੀ ਜਾਣੀ ਸੀ ਜਿਸ ਸਬੰਧੀ ਹੁਣ ਸਰਕਾਰ ਨੇ ਪੱਤਰ ਜਾਰੀ ਕਰਕੇ 31.03.2021 ਤੱਕ ਵਾਧਾ ਕਰ ਦਿੱਤਾ ਹੈ ਜਿਸ ਕਰਕੇ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੁਲਾਜ਼ਮਾਂ ਦੀਆਂ ਪੈਂਡਿੰਗ ਪਈਆਂ ਮੰਗਾਂ ਦੇ ਸਬੰਧ ਵਿੱਚ ਪੰਜਾਬ ਸਿਵਲ ਸਕੱਤਰੇਤ ਵਿੱਚ ਸਥਿਤ ਸਮੂਹ ਜੱਥੇਬੰਦੀਆਂ ਦੀ ਐਸੋਸੀਏਸ਼ਨ ਜੁਆਇੰਨ ਐਕਸ਼ਨ ਕਮੇਟੀ ਵੱਖ ਵੱਖ ਨੁਮਾਇੰਦਿਆਂ ਵੱਲੋ ਕਰਮਚਾਰੀਆਂ ਨੂੰ ਸੰਬੋਧਨ ਕੀਤਾ ਗਿਆ। ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀੲੈਸ਼ਨ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੰਬੇ ਸਮੇਂ ਤੋਂ ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ਜਿਵੇਂ ਕਿ ਪੇਅ ਕਮਿਸ਼ਨ, ਡੀ.ਏ, ਏਰੀਅਰ, ਪੁਰਾਣੀ ਪੈਨਸ਼ਨ ਸਕੀਮ, ਪ੍ਰੋਬੇਸ਼ਨ ਪੀਰੀਅਡ ਆਦਿ ਨਾ ਮੰਗੇ ਜਾਣ ਕਰਕੇ ਮੁਲਾਜ਼ਮਾਂ ਵਿੱਚ ਅਸੰਤੋਸ਼ ਲਗਾਤਾਰ ਵਧ ਰਿਹਾ ਹੈ । ਉਨ੍ਹਾਂ ਕਿਹਾ ਕਿ 8 ਮਾਰਚ ਨੂੰ ਮਹਿਲਾ ਦਿਵਸ ਮੌਕੇ ਪੰਜਾਬ ਸਿਵਲ ਸਕੱਤਰੇਤ ਵਿਖੇ ਵੱਡੀ ਰੈਲੀ ਕੀਤੀ ਜਾਵੇਗੀ ਜਿਸ ਦਾ ਸੰਚਾਲਨ ਜੱਥੇਬੰਦੀ ਦੀਆਂ ਮਹਿਲਾ ਆਗੂਆਂ ਵੱਲੋਂ ਕੀਤਾ ਜਾਵੇਗਾ ਤਾਂ ਜੋ ਮੁਲਾਜ਼ਮਾਂ ਦੀ ਨਾਰੀ ਸ਼ਕਤੀ ਦਾ ਪ੍ਰਦਰਸ਼ਨ ਕੀਤਾ ਜਾ ਸਕੇ। ਇਸ ਮੌਕੇ ਪੰਜਾਬ ਸਿਵਲ ਸਕੱਤਰੇਤ ਦਰਜਾ-4 ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਬਲਰਾਜ ਸਿੰਘ ਦਾਊਂ ਵੱਲੋਂ ਸੰਬੋਧਨ ਕਰਦੇ ਹੋਏ ਮੁਲਾਜ਼ਮਾਂ ਨੂੰ ਦੱਸਿਆ ਕਿ ਉਨ੍ਹਾਂ ਤੇ ਸੰਘਰਸ਼ ਸਦਕਾ ਦਰਜਾ-4 ਕਰਮਚਾਰੀਆਂ ਦੀਆਂ ਪੋਸਟਾਂ ਰੀਸਟਰਕਚਰਿੰਗ ਵਿੱਚ ਹਾਲ ਦੀ ਘੜੀ ਖਤਮ ਨਹੀਂ ਕੀਤੀਆਂ ਜਾ ਰਹੀਆਂ ਜਦਕਿ ਸਰਕਾਰ ਬਹੁਤ ਸਾਰੀਆਂ ਮਨਿਸਟੀਰੀਅਲ ਕਾਡਰ ਦੀਆਂ ਅਸਾਮੀਆਂ ਖਤਮ ਕਰਕੇ ਟੈਕਨੀਕਲ ਅਸਾਮੀਆਂ ਦੀ ਰਚਨਾਂ ਕਰਨ ਜਾ ਰਹੀ ਹੈ ਤਾਂ ਜੋ ਆਪਣੇ ਚਹੇਤਿਆਂ ਨੂੰ ਨੌਕਰੀਆਂ ਦਿੱਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਪ੍ਰਸ਼ਾਂਤ ਕਿਸ਼ੋਰ ਨੂੰ ਪ੍ਰਮੁੱਖ ਸਲਾਹਕਾਰ ਲਗਾ ਕੇ ਅਤੇ ਕੈਬਿਨਟ ਦਰਜਾ ਦੇ ਕੇ ਰਾਜ ਦੇ ਖਜਾਨੇ ਤੇ ਵਾਧੂ ਬੋਝ ਪਾਇਆ ਜਾ ਰਿਹਾ ਹੈ। ਇਸ ਮੌਕੇ ਅਲਕਾ ਚੋਪੜਾ, ਜਸਪ੍ਰੀਤ ਸਿੰਘ ਰੰਧਾਵਾ, ਸੁਸ਼ੀਲ ਕੁਮਾਰ, ਮਨਜਿੰਦਰ ਕੌਰ ਮਨਜੀਤ ਸਿੰਘ ਰੰਧਾਵਾ ਨੇ ਸੰਬੋਧਤ ਕੀਤਾ। ਪੰਜਾਬ ਸਿਵਲ ਸਕੱਤਰੇਤ ਪਰਸਨਲ ਸਟਾਫ ਐਸੋਸੀਏਸ਼ਨ ਤੋਂ ਜਸਵੀਰ ਕੌਰ, ਸੁਦੇਸ਼ ਕੁਮਾਰੀ ਅਤੇ ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਤੋਂ ਅਮਰਵੀਰ ਸਿੰਘ ਗਿੱਲ, ਇੰਦਰਪਾਲ ਸਿੰਘ ਭੰਗੂ, ਸਾਹਿਲ ਸ਼ਰਮਾਂ ਵੀ ਇਸ ਮੌਕੇ ਹਾਜਿਰ ਰਹੇ।
ਉੱਧਰ ਪੰਜਾਬ ਅਤੇ ਯੂ.ਟੀ ਮੁਲਾਜ਼ਮ ਪੈਨਸ਼ਨਰਜ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂ.ਟੀ ਦੇ ਸੱਦੇ ਤੇ ਸੈਕਟਰ 17 ਵਿਖੇ ਮੁਲਾਜ਼ਮਾਂ ਵੱਲੋਂ ਲੜੀਵਾਰ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਅਤੇ ਰੋਜ ਦੁਪਹਿਰ ਨੂੰ ਮੁਲਾਜ਼ਮਾਂ ਦੇ ਵੱਡੇ ਇਕੱਠ ਵੱਲੋਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਮੁਲਾਜਮ ਜੱਥੇਬੰਦੀਆਂ ਵੱਲੋਂ ਸਰਵਸੰਮਤੀ ਨਾਲ ਫੈਸਲਾ ਕੀਤਾ ਗਿਆ ਹੈ ਕਿ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਵੱਲੋਂ ਬਜਟ ਪੇਸ਼ ਕਰਨ ਵਾਲੇ ਦਿਨ ਭਾਵ 8 ਮਾਰਚ ਨੂੰ ਮੁਲਾਜ਼ਮਾਂ ਵੱਲੋਂ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ। ਪੀ.ਐਸ.ਐਮ.ਐਸ.ਯੂ ਦੇ ਸੂਬਾ ਜਨਰਲ ਸਕੱਤਰ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਮਹਿਲਾ ਦਿਵਸ ਦੇ ਮੌਕੇ 8 ਮਾਰਚ 2021 ਨੂੰ ਮਹਿਲਾ ਮੁਲਾਜ਼ਮ ਵੱਡੀ ਗਿਣਤੀ ਵਿੱਚ ਸੈਕਟਰ 17 ਵਿਖੇ ਭੁੱਖ ਹੜਤਾਲ ਤੇ ਬੈਠਣਗੀਆਂ। ਸੈਕਟਰ 17 ਵਿੱਖੇ ਫਰੰਟ ਤੋਂ ਰੰਜੀਵ ਸ਼ਰਮਾ, ਸੈਮੁਅਲ ਮਸੀਹ, ਰਾਬਰਟ ਮਸੀਹ, ਸੁਖਵਿੰਦਰ ਸਿੰਘ, ਸੁਖਚੈਨ ਸਿੰਘ, ਪਵਨ ਕੁਮਾਰ ਅਤੇ ਦਵਿੰਦਰ ਸਿੰਘ ਬੈਨੀਪਾਲ ਆਦਿ ਮੁਲਾਜ਼ਮ ਆਗੂਆਂ ਵੱਲੋਂ ਭੁੱਖ ਹੜਤਾਲ ਕੀਤੀ ਜਾ ਰਹੀ ਹੈ